ਟਾਂਡਾ (ਹੁਸ਼ਿਆਰਪੁਰ), 17 ਜੂਨ (ਅਜੀਤ ਬਿਊਰੋ)-ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਵੱਲ ਲਗਾਤਾਰ ਵਧ ਰਿਹਾ ਹੈ। ਟਾਂਡਾ ਹਲਕੇ ਦੇ ਪਿੰਡ ਭੱਟਲਾਂ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਪਜਾਊ ਜ਼ਮੀਨ, ਭਰਪੂਰ ਪਾਣੀ ਦੇ ਸਰੋਤਾਂ, ਅਨੁਕੂਲ ਮੌਸਮ ਅਤੇ ਮਿਹਨਤੀ ਲੋਕਾਂ ਦੀ ਬਖਸ਼ਿਸ਼ ਹੋਣ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਪਿਛਲੀਆਂ ਸਰਕਾਰਾਂ ਕਾਰਨ ਆਪਣੀ ਪੂਰੀ ਸਮਰੱਥਾ ਮੁਤਾਬਕ ਵਧਣ-ਫੁੱਲਣ ਦਾ ਮੌਕਾ ਨਹੀਂ ਮਿਲਿਆ, ਜੋ ਸੂਬੇ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖਣ ਵਿੱਚ ਨਾਕਾਮ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿੱਥੇ ਕਿਸੇ ਵੀ ਨੌਜਵਾਨ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ। ਇਨਸਾਫ਼ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਨੇ ਗੁਰਬਾਣੀ ਦੇ ਨਾਂਅ ‘ਤੇ ਵੋਟਾਂ ਮੰਗੀਆਂ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਨੇ ਸਿਆਸੀ ਲਾਹੇ ਲਈ ਧਰਮ ਦੀ ਵਰਤੋਂ ਕੀਤੀ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੇ ਰਾਜ ਦੌਰਾਨ ਵਾਪਰੀਆਂ ਘਟਨਾਵਾਂ ਦੇ ਦਰਦ ਨੂੰ ਭੁੱਲੇ ਨਹੀਂ ਹਨ। ਪੰਜਾਬ ਦੇ ਸਫ਼ਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬਹੁਤ ਸੰਤਾਪ ਹੰਢਾਇਆ ਹੈ। ਅਸੀਂ ਹੁਣ ਪੰਜਾਬ ਦੀ ਤਰੱਕੀ ਨੂੰ ਹੋਰ ਰੁਕਣ ਨਹੀਂ ਦੇ ਸਕਦੇ। ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਨੌਜਵਾਨ ਨੂੰ ਸਿਰਫ਼ ਕੈਨੇਡਾ, ਅਮਰੀਕਾ ਜਾਂ ਹੋਰ ਵਿਦੇਸ਼ਾਂ ਦੇ ਸੁਪਨੇ ਦੇਖਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਸਾਰੇ ਮਿਲ ਕੇ ਇੱਕ ਅਜਿਹਾ ਰੰਗਲਾ ਪੰਜਾਬ ਬਣਾਵਾਂਗੇ ਜਿੱਥੇ ਸਾਡੇ ਨੌਜਵਾਨ ਆਪਣੇ ਪਰਿਵਾਰਾਂ ਅਤੇ ਜੜ੍ਹਾਂ ਦੇ ਨੇੜੇ ਰਹਿ ਕੇ ਆਪਣੀਆਂ ਇੱਛਾਵਾਂ ਨੂੰ ਪੂਰਾ ਕਰ ਸਕਣਗੇ। ਅੱਜ ਦੇ ਵਿਸ਼ਾਲ ਇਕੱਠ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਇੱਥੇ ਇੰਨੀ ਵੱਡੀ ਗਿਣਤੀ ਵਿੱਚ ਮਾਵਾਂ, ਭੈਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਦਾ ਇਕੱਠੇ ਹੋਣਾ ਲੋਕਾਂ ਅਤੇ ਇਸ ਸਰਕਾਰ ਵਿਚਕਾਰ ਗੂੜੀ ਸਾਂਝ ਨੂੰ ਦਰਸਾਉਂਦਾ ਹੈ। ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਵਿਚ ਤਾਇਨਾਤ ਕੀਤਾ ਜਾਵੇਗਾ। ਮੈਂ ਅਧਿਕਾਰੀਆਂ ਨੂੰ ਇਸ ਉਪਰਾਲੇ ਨੂੰ ਛੇਤੀ ਤੋਂ ਛੇਤੀ ਲਾਗੂ ਕਰਨ ਲਈ ਰੂਪ-ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਕਰਮਬੀਰ ਸਿੰਘ ਘੁੰਮਣ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।