* ਵਿਸ਼ਵ ਬੈਂਕ ਪ੍ਰਧਾਨ ਨੂੰ ਪੱਤਰ ਲਿਖ ਕੇ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਕਰਵਾਇਆ ਜਾਣੂ * ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ’ਤੇ ਪ੍ਰਗਟਾਈ ਚਿੰਤਾ
ਚੰਡੀਗੜ੍ਹ, 23 ਜੂਨ (ਸੰਦੀਪ ਕੁਮਾਰ ਮਾਹਨਾ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਬੰਗਾ ਨੂੰ ਪੱਤਰ ਲਿਖ ਕੇ ਪੰਜਾਬ ਦੀ ਪੇਂਡੂ ਅਰਥਵਿਵਸਥਾ ਅਤੇ ਨੌਜਵਾਨਾਂ ਦੀ ਸਥਿਤੀ ਬਾਰੇ ਉਨ੍ਹਾਂ ਵਲੋਂ ਕੀਤੀਆਂ ਟਿੱਪਣੀਆਂ ’ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ਅਜੈ ਬੰਗਾ ਦੇ ਵਿਚਾਰਾਂ ਨੇ ਪੰਜਾਬ ਦੀਆਂ ਆਰਥਿਕ ਚੁਣੌਤੀਆਂ ਤੇ ਪੇਂਡੂ ਖੇਤਰਾਂ ’ਚ ਆ ਰਹੇ ਬਦਲਾਅ ਬਾਰੇ ਇਕ ਅਹਿਮ ਚਰਚਾ ਨੂੰ ਜਨਮ ਦਿੱਤਾ ਹੈ, ਜਿਸ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਵਿਸ਼ਵ ਬੈਂਕ ਪ੍ਰਧਾਨ ਨੂੰ ਭੇਜੇ ਪੱਤਰ ’ਚ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਅਤੇ ਖੇਤੀ ਆਧਾਰਿਤ ਪਰਿਵਾਰਾਂ ਸਾਹਮਣੇ ਖੜ੍ਹੀਆਂ ਚੁਣੌਤੀਆਂ ਨੂੰ ਕਿਸੇ ਇਕ ਕਾਰਨ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਪੇਂਡੂ ਭਾਈਚਾਰਿਆਂ ਨੇ ਦੇਸ਼ ਦੀ ਖ਼ੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਹਾਕਿਆਂ ਤੱਕ ਮਹੱਤਵਪੂਰਨ ਯੋਗਦਾਨ ਪਾਇਆ ਹੈ ਤੇ ਇਸ ਦੌਰਾਨ ਵਾਤਾਵਰਨ ਤੇ ਆਰਥਿਕ ਪੱਧਰ ’ਤੇ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਵੀ ਕੀਤਾ ਹੈ। ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਢਿੱਲੋਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਆਰਥਿਕ ਬਦਲਾਅ ਦੇ ਦੌਰ ਤੋਂ ਗੁਜ਼ਰ ਰਹੇ ਲੋਕਾਂ ਨੂੰ ਲੋੜੀਂਦੀ ਸਰਕਾਰੀ ਸਹਾਇਤਾ ਨਹੀਂ ਮਿਲ ਰਹੀ। ਨਸ਼ਿਆਂ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਕਾਨੂੰਨੀ ਕਾਰਵਾਈ, ਨਸ਼ਾ ਮੁਕਤੀ ਕੇਂਦਰਾਂ ਦੀ ਮਜ਼ਬੂਤੀ ਅਤੇ ਸਮਾਜਿਕ ਭਾਗੀਦਾਰੀ ਨੂੰ ਵਧਾਉਣ ਦੀ ਲੋੜ ਹੈ। ਢਿੱਲੋਂ ਨੇ ਅਜੈ ਬੰਗਾ ਨੂੰ ਪੰਜਾਬ ਦਾ ਦੌਰਾ ਕਰਕੇ ਪੇਂਡੂ ਖੇਤਰਾਂ ਦੀਆਂ ਅਸਲ ਸਥਿਤੀਆਂ ਨੂੰ ਨੇੜਿਓਂ ਵੇਖਣ ਦਾ ਸੱਦਾ ਵੀ ਦਿੱਤਾ।
ਅਜੈ ਬੰਗਾ ਦੀਆਂ ਟਿੱਪਣੀਆਂ ਨੇ ਪੰਜਾਬ ਦੀ ਪੇਂਡੂ ਅਰਥਵਿਵਸਥਾ ਬਾਰੇ ਛੇੜੀ ਗੰਭੀਰ ਚਰਚਾ-ਕੇਵਲ ਸਿੰਘ ਢਿੱਲੋਂ
ਅਜੀਤ ਡੈਸਕ
24-06-2026