03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ

ਅਜੀਤ ਡੈਸਕ 16-07-2026

ਜਥੇਦਾਰ ਵਲੋਂ ਹਰੀਕੇ ਪੱਤਣ ਵਿਖੇ ਸਮੂਹਿਕ ਅਰਦਾਸ ਮੌਕੇ ਕੀਤੇ ਗਏ ਆਦੇਸ਼ ਪ੍ਰਤੀ ਪ੍ਰਗਟਾਈ ਵਚਨਬੱਧਤਾ
ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ‘ਚ ਹੋਈ ਇਕੱਤਰਤਾ ਵਿਚ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹਰੀਕੇ (ਸ਼ਹੀਦੀ) ਪੱਤਣ ਵਿਖੇ ਸਿੱਖ ਕਤਲੇਆਮ ਦੇ ਪੀੜ੍ਹਤ ਸ਼ਹੀਦਾਂ ਅਤੇ ਲਾਵਾਰਸ ਕਰਾਰ ਦੇ ਕੇ ਸਾੜ ਦਿੱਤੇ ਗਏ ਜਾਂ ਦਰਿਆ ਵਿਚ ਰੋੜ ਦਿੱਤੇ ਗਏ ਹਜ਼ਾਰਾਂ ਸਿੱਖ ਨੌਜਵਾਨਾਂ, ਬੀਬੀਆਂ ਤੇ ਬਜ਼ੁਰਗਾਂ ਨਮਿਤ ਕੀਤੀ ਗਈ ਸਮੂਹਿਕ ਅਰਦਾਸ ਮੌਕੇ ਕੀਤੇ ਗਏ ਆਦੇਸ਼ ਪ੍ਰਤੀ ਵਚਨਬੱਧਤਾ ਪ੍ਰਗਟਾਈ ਗਈ।ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਲਏ ਫ਼ੈਸਲਿਆਂ ਅਤੇ ਪਾਸ ਕੀਤੇ ਮਤਿਆਂ ਸੰਬੰਧੀ ਬਾਅਦ ਵਿਚ ਜਾਰੀ ਬਿਆਨ ਵਿਚ ਪ੍ਰਧਾਨ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ‘ਚ ਮਤਾ ਪਾਸ ਕਰਦਿਆਂ ਸੰਨ੍ਹ 1980-90 ਦੇ ਦਹਾਕਿਆਂ ਦੌਰਾਨ ਸਿੱਖਾਂ ‘ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਹੈ। ਪ੍ਰਧਾਨ ਧਾਮੀ ਨੇ ਦੱਸਿਆ ਕਿ ਇਕ ਹੋਰ ਮਤਾ ਪਾਸ ਕਰਦਿਆਂ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਿੱਖ ਨੌਜਵਾਨਾਂ ’ਤੇ ਤਸ਼ੱਦਦ ਕਰਨ ਅਤੇ ਬੇਦੋਸ਼ਿਆਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀ ਜਿਨ੍ਹਾਂ ਨੂੰ ਅਦਾਲਤਾਂ ਨੇ ਦੋਸ਼ੀ ਮੰਨਿਆ ਹੈ, ਨੂੰ ਮੌਜੂਦਾ ਸਰਕਾਰ ਵਲੋਂ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੋਹਰੀ ਨੀਤੀ ਸਰਕਾਰਾਂ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਅੱਜ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ, ਟਰੱਸਟ, ਪ੍ਰੈੱਸਾਂ ਦੇ ਮਾਮਲਿਆਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸ ਉਪਰੰਤ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਵੀ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।ਇਕੱਤਰਤਾ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ ਲਾਂਡਵਾਂ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਮਿੰਦਰ ਸਿੰਘ ਤੇ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਤਰਸੇਮ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਕੈਨੇਡਾ ’ਚ ਇਮਾਰਤ ’ਚ ਲੱਗੀ ਅੱਗ ਦੀ ਲਪੇਟ ’ਚ ਆ ਕੇ ਬਜ਼ੁਰਗ ਜੋੜੇ ਦੀ ਮੌਤ ਅਗਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਦਾ ਸਹੁੰ ਚੁੱਕ ਸਮਾਗਮ, ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਦਾ ਰਾਹ ਹੋਇਆ ਸਾਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।