08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਈ ਜਸਵੰਤ ਸਿੰਘ ਖਾਲੜਾ ਮਾਮਲੇ ’ਚ ਸੱਚ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ-ਸੁਖਬੀਰ ਕਿਹਾ, ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਸਿੱਖ ਹਿੱਤਾਂ, ਮਨੁੱਖੀ ਅਧਿਕਾਰਾਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ

ਅਜੀਤ ਡੈਸਕ 19-07-2026
ਪ੍ਰੋ. ਅਵਤਾਰ ਸਿੰਘ

ਚੰਡੀਗੜ੍ਹ, 18 ਜੁਲਾਈ-ਪੰਜਾਬ ਦੀ ਸਿਆਸਤ ’ਚ ਸੱਚ ਨੂੰ ਝੂਠ ਅਤੇ ਝੂਠ ਨੂੰ ਸੱਚ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਖ਼ਾਸ ਤੌਰ ’ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਾਮਲੇ ਨੂੰ ਤੱਥਾਂ ਤੋਂ ਉਲਟ ਪੇਸ਼ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਮੈਂਬਰ ਅਤੇ ਪਾਰਟੀ ਦੇ ਮਨੁੱਖੀ ਅਧਿਕਾਰ ਵਿੰਗ ਦੇ ਪ੍ਰਧਾਨ ਸਨ। ਉਨ੍ਹਾਂ ਕਥਿਤ ਮਨੁੱਖੀ ਅਧਿਕਾਰ ਉਲੰਘਣਾਵਾਂ ਅਤੇ ਲਾਪਤਾ ਨੌਜਵਾਨਾਂ ਦੇ ਮਾਮਲੇ ਉਜਾਗਰ ਕੀਤੇ ਸਨ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੌਰਾਨ ਭਾਈ ਖਾਲੜਾ ਨੂੰ ਅਗਵਾ ਕਰਕੇ ਹੱਤਿਆ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ ਨੇ ਭਾਈ ਖਾਲੜਾ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਅਤੇ ਜਨਤਕ ਪੱਧਰ ’ਤੇ ਸੰਘਰਸ਼ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਤੱਕ ਮਾਮਲਾ ਲਿਜਾਇਆ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਰ ਮੰਚ ’ਤੇ ਇਹ ਮੁੱਦਾ ਉਠਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਅਤੇ ਬਾਅਦ ’ਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਸ ਕੇਸ ਵਿਚ ਦੋਸ਼ੀ ਠਹਿਰਾਏ ਗਏ ਪੁਲਿਸ ਅਧਿਕਾਰੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਸ਼ਾਂ ਭੇਜੀਆਂ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਰਕਾਰੀ ਦਸਤਾਵੇਜ਼ ਉਨ੍ਹਾਂ ਕੋਲ ਮੌਜੂਦ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਕੇਸ ਦੇ ਮੁੱਖ ਗਵਾਹ ਕੁਲਦੀਪ ਸਿੰਘ ਬਚੜਾ ਨੂੰ ਸੁਰੱਖਿਆ ਅਤੇ ਹਰ ਸੰਭਵ ਸਹਾਇਤਾ ਦਿੱਤੀ ਗਈ, ਜਿਸ ਨਾਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਮਦਦ ਮਿਲੀ।ਫ਼ਿਲਮ ‘ਸਤਲੁਜ’ ਸੰਬੰਧੀ ਵਿਵਾਦ ਦਾ ਜ਼ਿਕਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਸ ਫ਼ਿਲਮ ’ਤੇ ਪਾਬੰਦੀ ਲਗਾਉਣ ਦੀ ਮੰਗ ਨਹੀਂ ਕੀਤੀ। 2023 ਵਿਚ ਵੀ ਉਹ ਜਨਤਕ ਤੌਰ ’ਤੇ ਕਹਿ ਚੁੱਕੇ ਹਨ ਕਿ ਫ਼ਿਲਮ ’ਤੇ ਰੋਕ ਨਹੀਂ ਲੱਗਣੀ ਚਾਹੀਦੀ। ਉਨ੍ਹਾਂ ਦੋਸ਼ ਲਾਇਆ ਕਿ ਕੁੱਝ ਲੋਕ ਜਾਣਬੁੱਝ ਕੇ ਸ਼੍ਰੋਮਣੀ ਅਕਾਲੀ ਦਲ (ਬ) ਖ਼ਿਲਾਫ਼ ਗ਼ਲਤ ਪ੍ਰਚਾਰ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਸਿਆਸਤ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਲੰਬੇ ਸਮੇਂ ਤੋਂ ਯੋਜਨਾਬੱਧ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਇਸੇ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਭ ਤੋਂ ਵੱਧ ਤਾਕਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੋਂ ਮਿਲਦੀ ਹੈ ਅਤੇ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁੱਲ੍ਹੇਆਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕਰ ਰਹੇ ਹਨ, ਜੋ ਸਿੱਖ ਭਾਵਨਾਵਾਂ ਦੇ ਉਲਟ ਹੈ।
ਧਰਮ ਯੁੱਧ ਮੋਰਚੇ ਬਾਰੇ ਅਕਾਲ ਤਖ਼ਤ ਦੇ ਫ਼ੈਸਲੇ ਨਾਲ ਖੜ੍ਹਨ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧਰਮ ਯੁੱਧ ਮੋਰਚਾ ਲਗਾਉਣ ਸੰਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਸਪੱਸ਼ਟ ਕੀਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਕਾਰਵਾਈ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਆਪਣੇ ਤੌਰ ’ਤੇ ਅੱਗੇ ਲੱਗਣ ਦੀ ਗੱਲ ਨਹੀਂ ਕਰ ਰਿਹਾ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਜਾਂ ਸਮੁੱਚੇ ਪੰਥ ਵਲੋਂ ਜੋ ਵੀ ਫ਼ੈਸਲਾ ਕੀਤਾ ਜਾਵੇਗਾ, ਸ਼੍ਰੋਮਣੀ ਅਕਾਲੀ ਦਲ (ਬ) ਉਸ ਦੇ ਨਾਲ ਡਟ ਕੇ ਖੜ੍ਹੇਗਾ। ਉਨ੍ਹਾਂ ਕਿਹਾ ਕਿ 24 ਜੁਲਾਈ ਨੂੰ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਗਰਾਮ ਅਤੇ ਵਹੀਰ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਜਿਥੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਆਦੇਸ਼ ਦੇਣਗੇ, ਸ਼੍ਰੋਮਣੀ ਅਕਾਲੀ ਦਲ (ਬ) ਉਥੇ ਪੂਰੀ ਤਨਦੇਹੀ ਨਾਲ ਆਪਣੀ ਭੂਮਿਕਾ ਨਿਭਾਏਗਾ।
ਪਿਛਲੀ ਖ਼ਬਰ ਸੂਬੇ ਦੇ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਹੋਣ ਤੱਕ ਜਾਰੀ ਰਹੇਗੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ-ਡੀ.ਜੀ.ਪੀ. ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਸਜਾਈ ਦਸਤਾਰ ਦੇ ਹਰੇ ਰੰਗ ਨੇ ਛੇੜੀ ਨਵੀਂ ਚਰਚਾ...! ਜਲੰਧਰ ਦੇ ਨੌਜਵਾਨ ਸਮਪ੍ਰੀਤ ਸਿੰਘ ਨੇ ਸਜਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।