ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ 20 ਜੁਲਾਈ ਨੂੰ ਚੰਡੀਗੜ੍ਹ ਤਲਬ ਕੀਤੇ ਜਾਣ ਸੰਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਾਨੂੰਨ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਹਰ ਵਾਰ ਦੀ ਤਰ੍ਹਾਂ ਜਾਂਚ ਵਿਚ ਸਹਿਯੋਗ ਲਈ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ‘ਮੈਂ ਸੁਖਬੀਰ ਸਿੰਘ ਬਾਦਲ ਹਾਂ। ਨਾ ਮੈਂ ਡਰਦਾ ਹਾਂ, ਨਾ ਮੇਰੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਕਦੇ ਡਰੇ ਅਤੇ ਨਾ ਹੀ ਅਸੀਂ ਭਵਿੱਖ ਵਿਚ ਕਿਸੇ ਦੇ ਦਬਾਅ ਅੱਗੇ ਝੁਕਾਂਗੇ।’ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਬਹਿਬਲ ਕਲਾਂ ਮਾਮਲੇ ਦੀ ਜਾਂਚ ਨੂੰ ਇਨਸਾਫ਼ ਦੀ ਬਜਾਏ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਜਿੰਨੇ ਮਰਜ਼ੀ ਸੰਮਨ ਜਾਂ ਨੋਟਿਸ ਭੇਜੇ ਜਾਣ, ਉਹ ਹਰ ਵਾਰ ਪੇਸ਼ ਹੋਣਗੇ ਪਰ ਸੱਚਾਈ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਥਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕਰਦੇ ਹਨ ਪਰ ਸਿਆਸੀ ਦਬਾਅ ਦੀ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ।ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਤੱਥਾਂ ਦੇ ਆਧਾਰ ’ਤੇ ਫ਼ੈਸਲੇ ਕਰਨ, ਝੂਠੇ ਪ੍ਰਚਾਰ ਤੋਂ ਸਾਵਧਾਨ ਰਹਿਣ ਅਤੇ ਪੰਜਾਬ, ਪੰਜਾਬੀਅਤ, ਪੰਥਕ ਹਿੱਤਾਂ ਅਤੇ ਸੂਬੇ ਦੇ ਅਧਿਕਾਰਾਂ ਦੀ ਰੱਖਿਆ ਲਈ ਖੇਤਰੀ ਸੋਚ ਨੂੰ ਮਜ਼ਬੂਤ ਕਰਨ।