12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ੍ਰੀ ਹਜ਼ੂਰ ਸਾਹਿਬ ਲਈ ਵੰਦੇ ਭਾਰਤ ਸਲੀਪਰ ਗੱਡੀ ਚਲਾਈ ਜਾਵੇ-ਔਜਲਾ ਕੇਂਦਰੀ ਰੇਲ ਮੰਤਰੀ ਨੂੰ ਲਿਖੀ ਚਿੱਠੀ

ਅਜੀਤ ਡੈਸਕ 25-07-2026
ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)-ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਅਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਰੋਜ਼ਾਨਾ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰੇਲ ਸਹੂਲਤ ਦਾ ਮਾਮਲਾ ਨਹੀਂ, ਸਗੋਂ ਦੇਸ਼ ਭਰ ਦੇ ਲੱਖਾਂ ਸਿੱਖ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਧਾਰਮਿਕ ਭਾਵਨਾ ਨਾਲ ਜੁੜਿਆ ਮੁੱਦਾ ਹੈ। ਔਜਲਾ ਨੇ ਆਪਣੇ ਪੱਤਰ ਵਿਚ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਸਿੱਖ ਜਥਿਆਂ, ਸੰਤ-ਮਹਾਂਪੁਰਸ਼ਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਹਜ਼ਾਰਾਂ ਸ਼ਰਧਾਲੂਆਂ ਵਲੋਂ ਲਗਾਤਾਰ ਮੰਗ ਪੱਤਰ ਮਿਲ ਰਹੇ ਹਨ। ਇਨ੍ਹਾਂ ਸਾਰਿਆਂ ਨੇ ਅੰਮ੍ਰਿਤਸਰ ਅਤੇ ਹਜ਼ੂਰ ਸਾਹਿਬ ਦਰਮਿਆਨ ਆਧੁਨਿਕ, ਤੇਜ਼ ਅਤੇ ਆਰਾਮਦਾਇਕ ਸਲੀਪਰ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਲੱਖਾਂ ਸ਼ਰਧਾਲੂ ਦਰਸ਼ਨਾਂ ਲਈ ਇਸ ਲੰਬੇ ਸਫ਼ਰ ’ਤੇ ਜਾਂਦੇ ਹਨ। ਮੌਜੂਦਾ ਰੇਲ ਸੇਵਾਵਾਂ ਵਿਚ ਵੱਧ ਰਹੀ ਭੀੜ ਨੂੰ ਦੇਖਦਿਆਂ ਇਕ ਆਧੁਨਿਕ ਸਲੀਪਰ ਟਰੇਨ ਦੀ ਲੋੜ ਲਗਾਤਾਰ ਮਹਿਸੂਸ ਕੀਤੀ ਜਾ ਰਹੀ ਹੈ। ਔਜਲਾ ਨੇ ਰੇਲ ਮੰਤਰੀ ਤੋਂ ਮੰਗ ਕੀਤੀ ਕਿ ਅੰਮ੍ਰਿਤਸਰ-ਨਾਂਦੇੜ ਰੂਟ ‘ਤੇ ਜਲਦ ਤੋਂ ਜਲਦ ਰੋਜ਼ਾਨਾ ਵੰਦੇ ਭਾਰਤ ਸਲੀਪਰ ਟਰੇਨ ਚਲਾਈ ਜਾਵੇ। ਇਸ ਦੇ ਨਾਲ ਹੀ ਟਰੇਨ ਦਾ ਸਮਾਂ ਅਜਿਹਾ ਰੱਖਿਆ ਜਾਵੇ ਕਿ ਸ਼ਰਧਾਲੂਆਂ ਨੂੰ ਦੇਰ ਰਾਤ ਜਾਂ ਤੜਕੇ ਸਵੇਰੇ ਯਾਤਰਾ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਏ.ਐੱਸ.ਆਈ. ਗੁਰਦਿਆਲ ਸਿੰਘ ਦੀ ਭਾਲ ਜਾਰੀ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਵਲੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।