ਅੰਮ੍ਰਿਤਸਰ, 27 ਜੁਲਾਈ (ਸੁਰਿੰਦਰ ਕੋਛੜ)-ਹੜ੍ਹਾਂ ਨਾਲ ਲਹਿੰਦੇ ਪੰਜਾਬ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਲੋਕਾਂ ਨੂੰ ਇਲਾਕੇ ਖਾਲੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਵੱਡੀ ਗਿਣਤੀ ‘ਚ ਬੁਨਿਆਦੀ ਢਾਂਚਿਆਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਚਾਅ ਟੀਮਾਂ ਸ੍ਰੀ ਨਨਕਾਣਾ ਸਾਹਿਬ ‘ਚ ਪ੍ਰਭਾਵਿਤ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜ ਰਹੀਆਂ ਹਨ। ਇਸ ਤੋਂ ਇਲਾਵਾ ਝੰਗ ਸ਼ਹਿਰ ਦੇ ਨੀਵੇਂ ਇਲਾਕੇ ਵੀ ਡੁੱਬੇ ਹੋਏ ਹਨ। ਮੁਲਤਾਨ ਅਤੇ ਰੋਹੜੀ ‘ਚ ਪਾਣੀ ਦਾ ਪੱਧਰ ਵਧਣ ਕਾਰਨ ਅਧਿਕਾਰੀਆਂ ਨੇ ਹੜ੍ਹਾਂ ਦੀ ਨਿਗਰਾਨੀ ਵਧਾ ਦਿੱਤੀ ਹੈ। ਸ੍ਰੀ ਨਨਕਾਣਾ ਸਾਹਿਬ ਦੇ ਮਨਿੰਦਰ ਸਿੰਘ ਨੇ ‘ਅਜੀਤ’ ਨੂੰ ਦੱਸਿਆ ਕਿ ਜ਼ਿਲ੍ਹੇ ਦਾ ਵੜੈਚ ਪਿੰਡ ਰਾਵੀ ਨਦੀ ਦੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਕਾਸੀ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਦਿਆਂ ਪ੍ਰਭਾਵਿਤ ਪਿੰਡ ਨੂੰ ਵੱਖ-ਵੱਖ ਜ਼ੋਨਾਂ ‘ਚ ਵੰਡਿਆ ਗਿਆ ਹੈ। ਪਹਿਲੇ ਪੜਾਅ ‘ਚ 40 ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ ਕੈਂਪਾਂ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਚਨਾਬ ਨਦੀ ‘ਚ ਪਾਣੀ ਦਾ ਪੱਧਰ ਵਧਣ ਕਾਰਨ ਝੰਗ ‘ਚ ਵੀ ਹੜ੍ਹ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਉੱਥੇ 30 ਤੋਂ ਵੱਧ ਪਿੰਡ ਡੁੱਬ ਗਏ ਹਨ। ਸਿੰਧੂ ਦਰਿਆ ‘ਚ ਪਾਣੀ ਦਾ ਪੱਧਰ ਉੱਚਾ ਰਹਿਣ ਕਾਰਨ ਅਧਿਕਾਰੀਆਂ ਨੇ ਰੋਹੜੀ ‘ਚ ਵੀ ਹਾਈ ਅਲਰਟ ਜਾਰੀ ਕੀਤਾ ਹੈ।
ਹੜ੍ਹਾਂ ਨਾਲ ਲਹਿੰਦੇ ਪੰਜਾਬ ਦੇ ਪਿੰਡਾਂ ’ਚ ਭਰਿਆ ਪਾਣੀ
ਅਜੀਤ ਡੈਸਕ
28-07-2026