ਚੰਡੀਗੜ੍ਹ, 27 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੰਗਰੂਰ ਸਥਿਤ ਭਾਜਪਾ ਦਫ਼ਤਰ ‘ਤੇ ਹੋਏ ਪੈਟਰੋਲ ਬੰਬ ਹਮਲੇ ਨੂੰ ਸੂਬੇ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਗੰਭੀਰ ਸੰਕੇਤ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਦਕਿ ਸੂਬਾ ਸਰਕਾਰ ਅਮਨ-ਕਾਨੂੰਨ ਬਣਾਈ ਰੱਖਣ ਵਿਚ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸੂਬੇ ਦੀ ਸੁਰੱਖਿਆ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਅਤੇ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਨੂੰ ਹੋਰ ਵਧਾਉਂਦੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਸੰਗਰੂਰ ਵਿਚ ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਕੀਤਾ ਗਿਆ ਹਮਲਾ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਹੈ। ਜਾਖੜ ਨੇ ਕਿਹਾ ਕਿ ਪੰਜਾਬ ਵਿਚ ਲਗਭਗ ਹਰ ਰੋਜ਼ ਕਿਤੇ ਗੋਲੀਬਾਰੀ ਅਤੇ ਕਿਤੇ ਬੰਬ ਧਮਾਕਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਸੰਗਰੂਰ ਹਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇ।
ਸੰਗਰੂਰ ਭਾਜਪਾ ਦਫ਼ਤਰ ’ਤੇ ਹਮਲਾ ਵਿਗੜਦੀ ਕਾਨੂੰਨ-ਵਿਵਸਥਾ ਦਾ ਸਬੂਤ- ਜਾਖੜ
ਅਜੀਤ ਡੈਸਕ
28-07-2026