ਚੰਡੀਗੜ੍ਹ, 29 ਜੁਲਾਈ(ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਭਰਤੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਲਗਾਤਾਰ ਸਾਹਮਣੇ ਆ ਰਹੇ ਵਿਵਾਦਾਂ ਬਾਰੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸੂਬੇ ਦੇ ਨੌਜਵਾਨਾਂ ਦਾ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਭਰੋਸਾ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੱਖਾਂ ਯੋਗ ਉਮੀਦਵਾਰਾਂ ਦੇ ਭਵਿੱਖ ਨਾਲ ਪ੍ਰਸ਼ਾਸਨਿਕ ਨਾਕਾਮੀਆਂ ਅਤੇ ਸਰਕਾਰ ਵਲੋਂ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕਾਰਨ ਖਿਲਵਾੜ ਨਹੀਂ ਹੋਣ ਦਿੱਤਾ ਜਾ ਸਕਦਾ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਇਹ ਦਾਅਵਾ ਕਰਦੀ ਰਹੀ ਹੈ ਕਿ ਉਸ ਦੇ ਕਾਰਜਕਾਲ ਦੌਰਾਨ ਇਕ ਵੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ ਪਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਭਰਤੀ ਪ੍ਰੀਖਿਆਵਾਂ ਅਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਲੈ ਕੇ ਇਕ ਤੋਂ ਬਾਅਦ ਇਕ ਵਿਵਾਦ ਸਾਹਮਣੇ ਆਏ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਦੇ ਨੌਜਵਾਨਾਂ ਨੂੰ ਇਸ ਨੂੰ ਲੈ ਕੇ ਜਵਾਬ ਦੇਣਾ ਚਾਹੀਦਾ ਹੈ।