ਚੰਡੀਗੜ੍ਹ, 31 ਜੁਲਾਈ (ਪ੍ਰੋ. ਅਵਤਾਰ ਸਿੰਘ) - ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਅਤੇ ਐੱਸ.ਸੀ. ਮਹਿਲਾਵਾਂ ’ਤੇ ਹੋਏ ਲਾਠੀਚਾਰਜ ਅਤੇ ਪੰਜਾਬ ਵਿਚ ਸਾਹਮਣੇ ਆਏ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਦੋ ਵੱਖ-ਵੱਖ ਮੰਗ ਪੱਤਰ ਸੌਂਪੇ। ਵਫ਼ਦ ਨੇ ਬਰਨਾਲਾ ਘਟਨਾ ਦੀ ਨਿਆਇਕ ਜਾਂਚ ਕਰਵਾਉਣ ਦੇ ਨਾਲ-ਨਾਲ ਸੂਬੇ ਵਿਚ ਕਥਿਤ ਤੌਰ ’ਤੇ ਹੋਏ 10 ਪੇਪਰ ਲੀਕ ਅਤੇ ਸਰਕਾਰੀ ਭਰਤੀਆਂ ਵਿਚ ਬੇਨਿਯਮੀਆਂ ਦੇ ਮਾਮਲਿਆਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਕਈ ਗੰਭੀਰ ਦੋਸ਼ ਲਗਾਏ। ਸੁਖਬੀਰ ਨੇ ਕਿਹਾ ਕਿ ਪਾਰਟੀ ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਅਤੇ ਐੱਸ.ਸੀ. ਮਹਿਲਾਵਾਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿਚ ਦਖ਼ਲ ਦੇ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਹੇਠ ਨਿਆਂਇਕ ਜਾਂਚ ਕਰਵਾਉਣ ਦੇ ਹੁਕਮ ਦੇਣ। ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਸਾਰਥਕ ਗੱਲਬਾਤ ਸ਼ੁਰੂ ਕਰਕੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ। ਪੇਪਰ ਲੀਕ ਮਾਮਲਿਆਂ ਨੂੰ ਗੰਭੀਰ ਕਰਾਰ ਦਿੰਦਿਆਂ ਸੁਖਬੀਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਭਰਤੀਆਂ ਅਤੇ ਵੱਖ-ਵੱਖ ਪ੍ਰੀਖਿਆਵਾਂ ਨਾਲ ਸਬੰਧਤ ਕਰੀਬ 10 ਪੇਪਰ ਲੀਕ ਅਤੇ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਵਿਚ ਮੁੱਖ ਮੰਤਰੀ, ਮੰਤਰੀਆਂ, ‘ਆਪ’ ਆਗੂਆਂ, ਸਰਕਾਰੀ ਅਧਿਕਾਰੀਆਂ ਅਤੇ ਹੋਰ ਨਿੱਜੀ ਵਿਅਕਤੀਆਂ ਦੀ ਸੰਭਾਵਿਤ ਭੂਮਿਕਾ ਦੀ ਸੀ.ਬੀ.ਆਈ. ਵਲੋਂ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਵਫ਼ਦ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ, ਦਰਬਾਰਾ ਸਿੰਘ ਗੁਰੂ ਅਤੇ ਨਰੇਸ਼ ਢੀਂਗਰਾ ਵੀ ਸ਼ਾਮਲ ਸਨ। ਇਸ ਮੌਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਪਟਿਆਲਾ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤੀਰਅੰਦਾਜ਼ੀ ਦੀ ਗਤੀਵਿਧੀ ਵਿਚ ਸ਼ਾਮਿਲ ਹੋਣ ’ਤੇ ਸਵਾਲ ਉਠਾਏ। ਮਜੀਠੀਆ ਨੇ ਪੰਜਾਬ ਹਾਕੀ ਟੀਮ ਦੀ ਵਰਦੀ ਵਿਚ ਕੀਤੀਆਂ ਗਈਆਂ ਤਬਦੀਲੀਆਂ ’ਤੇ ਵੀ ਇਤਰਾਜ਼ ਪ੍ਰਗਟ ਕਰਦਿਆਂ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ।