ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜੀ.ਐਸ.ਟੀ. ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।” ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਅਗਸਤ 2026 ਲਈ ਲਗਭਗ 48.48 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ 13 ਨਿਲਾਮੀ ਕਾਰਵਾਈਆਂ ਤੈਅ ਕੀਤੀਆਂ ਹਨ ਅਤੇ ਸਬੰਧਤ ਕਰਦਾਤਿਆਂ ਨੂੰ ਨਿਲਾਮੀ ਦੀ ਮਿਤੀ ਤੋਂ ਪਹਿਲਾਂ ਓ.ਟੀ.ਐਸ ਸਕੀਮ ਰਾਹੀਂ ਨਿਪਟਾਰਾ ਕਰਨ ਦੀ ਸਲਾਹ ਦਿੱਤੀ ਹੈ।