ਐਸ.ਏ.ਐਸ. ਨਗਰ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸੈਨਿਕ ਸਦਨ, ਮੁਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ ‘ਤੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਸਦਕਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਕੁੱਲ ਨਫ਼ਰੀ ਵਿਚ ਲਗਭਗ 20 ਫ਼ੀਸਦੀ ਸਟਾਫ਼ ਦੀ ਘਾਟ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਵਿਭਾਗ ਦੀਆਂ ਸੇਵਾਵਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ।ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾ-ਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।