01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜੂਨ ਦੇ ਪਹਿਲੇ ਹਫ਼ਤੇ ਲੱਗਿਆ ਝੋਨਾ ਕਟਾਈ ਲਈ ਤਿਆਰ • ਪਿਛਲੇ ਸਾਲਾਂ ਨਾਲੋਂ ਦਸ ਦਿਨ ਪਹਿਲਾਂ ਮੰਡੀਆਂ ’ਚ ਪਹੁੰਚਣਾ ਸ਼ੁਰੂ ਹੋ ਜਾਵੇਗਾ ਝੋਨਾ • ਅਜੇ ਤੱਕ ਖ਼ਰੀਦ ਦੀ ਤਰੀਕ ਨਾ ਐਲਾਨੇ ਜਾਣ ਕਾਰਨ ਕਿਸਾਨ ਚਿੰਤਤ ਹਰਪ੍ਰੀਤ ਸਿੰਘ ਗਿੱਲ

ਅਮਲੋਹ (ਫਤਹਿਗੜ੍ਹ ਸਾਹਿਬ), 31 ਅਗਸਤ-ਪੰਜਾਬ ਸਰਕਾਰ ਵਲੋਂ ਜਿਨ੍ਹਾਂ ਅੱਠ ਜ਼ਿਲ੍ਹਿਆਂ ਵਿਚ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਉਨ੍ਹਾਂ ਦੇ ਵੱਡੀ ਗਿਣਤੀ ਕਿਸਾਨਾਂ ਦਾ ਝੋਨਾ ਹੁਣ ਪੱਕਣ ਕਿਨਾਰੇ ਪਹੁੰਚ ਗਿਆ ਹੈ। ਅਗੇਤੀ ਲਵਾਈ ਵਾਲੇ ਇਸ ਝੋਨੇ ਦੀ ਕਟਾਈ ਸਤੰਬਰ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਪਰ ਮੰਡੀਆਂ ਵਿਚ ਪਹੁੰਚਣ ਵਾਲੇ ਇਸ ਅਗੇਤੇ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਰਕਾਰ ਵਲੋਂ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ, ਅਜਿਹੇ ਹਾਲਾਤ ਵਿਚ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਅਜੀਤ ਡੈਸਕ 01-09-2026
ਅਮਲੋਹ (ਫਤਹਿਗੜ੍ਹ ਸਾਹਿਬ), 31 ਅਗਸਤ-ਪੰਜਾਬ ਸਰਕਾਰ ਵਲੋਂ ਜਿਨ੍ਹਾਂ ਅੱਠ ਜ਼ਿਲ੍ਹਿਆਂ ਵਿਚ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਉਨ੍ਹਾਂ ਦੇ ਵੱਡੀ ਗਿਣਤੀ ਕਿਸਾਨਾਂ ਦਾ ਝੋਨਾ ਹੁਣ ਪੱਕਣ ਕਿਨਾਰੇ ਪਹੁੰਚ ਗਿਆ ਹੈ। ਅਗੇਤੀ ਲਵਾਈ ਵਾਲੇ ਇਸ ਝੋਨੇ ਦੀ ਕਟਾਈ ਸਤੰਬਰ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਪਰ ਮੰਡੀਆਂ ਵਿਚ ਪਹੁੰਚਣ ਵਾਲੇ ਇਸ ਅਗੇਤੇ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਰਕਾਰ ਵਲੋਂ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ, ਅਜਿਹੇ ਹਾਲਾਤ ਵਿਚ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਾਲ 2025 ਵਿਚ ਝੋਨੇ ਦੀ ਲਵਾਈ ਪਿਛਲੇ ਸਾਲਾਂ ਦੇ ਮੁਕਾਬਲੇ ਲਗਪਗ 10 ਤੋਂ 15 ਦਿਨ ਪਹਿਲਾਂ, 1 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਦਾ ਮੁੱਖ ਉਦੇਸ਼ ਝੋਨੇ ਦੀ ਵਾਢੀ ਸਮੇਂ ਦਾਣਿਆਂ ਵਿਚ ਨਮੀ ਦੀ ਮਾਤਰਾ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਵਧੇਰੇ ਸਮਾਂ ਮੁਹੱਈਆ ਕਰਵਾਉਣਾ ਸੀ। ਇਸ ਸਾਲ ਕਿਸਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀ ਝੋਨੇ ਦੀ ਪੀ.ਆਰ-126 ਕਿਸਮ ਦੀ ਵੱਡੇ ਪੱਧਰ ’ਤੇ ਲਵਾਈ ਕੀਤੀ ਹੈ। ਇਹ ਕਿਸਮ ਖੇਤ ਵਿਚ ਲਗਾਉਣ ਤੋਂ ਕਰੀਬ 93 ਦਿਨਾਂ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਕਰਕੇ ਜਿਨ੍ਹਾਂ ਕਿਸਾਨਾਂ ਨੇ ਜੂਨ ਦੇ ਪਹਿਲੇ ਹਫ਼ਤੇ ਝੋਨਾ ਲਾਇਆ ਸੀ, ਉਨ੍ਹਾਂ ਦੀ ਫ਼ਸਲ ਸਤੰਬਰ ਦੇ ਦੂਜੇ ਹਫ਼ਤੇ ਕਟਾਈ ਯੋਗ ਹੋਣ ਤੋਂ ਬਾਅਦ ਮੰਡੀਆਂ ਵਿਚ ਪਹੁੰਚਣੀ ਸ਼ੁਰੂ ਹੋ ਜਾਵੇਗੀ। ਫ਼ਸਲ ਅਗੇਤੀ ਤਿਆਰ ਹੋਣ ਦੇ ਬਾਵਜੂਦ ਅਜੇ ਤੱਕ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਜਾਂ ਮਾਰਕੀਟ ਕਮੇਟੀਆਂ ਦੇ ਦਫ਼ਤਰਾਂ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਸਬੰਧੀ ਕੋਈ ਪੱਤਰ ਪ੍ਰਾਪਤ ਨਹੀਂ ਹੋਇਆ। ਸੂਤਰਾਂ ਅਨੁਸਾਰ ਪਿਛਲੇ ਸਾਲਾਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਹੋਣ ਤੋਂ ਲਗਪਗ 15 ਤੋਂ 20 ਦਿਨ ਪਹਿਲਾਂ ਹੀ ਇਸ ਸਬੰਧੀ ਪੱਤਰ ਜਾਰੀ ਕਰ ਦਿੱਤੇ ਜਾਂਦੇ ਸਨ। ਪੰਜਾਬ ਖੇਤੀਬਾੜੀ ਵਿਭਾਗ ਤੋਂ ਮਿਲੇ ਅੰਕੜਿਆਂ ਅਨੁਸਾਰ ਇਸ ਵਾਰ ਸੂਬੇ ਵਿਚ ਝੋਨੇ ਹੇਠ ਕਰੀਬ 36 ਲੱਖ ਹੈਕਟੇਅਰ ਰਕਬਾ ਹੈ ਅਤੇ ਇਸ ਵਿਚੋਂ ਲਗਪਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਪੈਦਾਵਾਰ ਹੋਣ ਦਾ ਟੀਚਾ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਵਿਚੋਂ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਤੈਅ ਕੀਤਾ ਗਿਆ ਹੈ, ਜਦਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2462 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵਲੋਂ 26 ਤੋਂ 28 ਲੱਖ ਮੀਟ੍ਰਿਕ ਟਨ ਬਾਸਮਤੀ ਦੀ ਪੈਦਾਵਾਰ ਹੋਣ ਦਾ ਵੀ ਅਨੁਮਾਨ ਲਗਾਇਆ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੀ ਇਸ ਵੱਡੀ ਖ਼ਰੀਦ ਪ੍ਰਕਿਰਿਆ ਨੂੰ ਰਾਜਸੀ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਦੀ ਵੱਡੀ ਵਸੋਂ ਸਿੱਧੇ ਜਾਂ ਅਸਿੱਧੇ ਤੌਰ ’ਤੇ ਖੇਤੀਬਾੜੀ ਨਾਲ ਜੁੜੀ ਹੋਈ ਹੈ। ਇਸ ਲਈ ਸਰਕਾਰ ਦੀ ਸਾਖ ਲਈ ਮੰਡੀਆਂ ਵਿਚ ਸੁਚੱਜੇ ਪ੍ਰਬੰਧ, ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਅਦਾਇਗੀ, ਮੁੱਖ ਕਸੌਟੀ ਬਣਨਗੇ।
ਪਿਛਲੀ ਖ਼ਬਰ ਪੁੱਤ ਵਲੋਂ ਪਿਓ ਦਾ ਕਤਲ ਅਗਲੀ ਖ਼ਬਰ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ ਚੋਣ ਮਨੋਰਥ ਪੱਤਰ ਬਣਾਉਣ ਦੀ ਸ਼ੁਰੂਆਤ-ਡਾ. ਅਮਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।