![]()
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਠ ਵਿਖੇ ਏ.ਜੀ.ਟੀ.ਐਫ. ਅਤੇ ਤਰਨ ਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਹੋਏ ਮੁਕਾਬਲੇ ’ਚ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਉਸ ਦਾ ਦੂਸਰਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਕੁਝ ਸਮਾਂ ਪਹਿਲਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਸਮੇਤ ਹੋਰਨਾਂ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਖਾਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਏ.ਜੀ.ਟੀ.ਐਫ. ਅਤੇ ਤਰਨ ਤਾਰਨ ਪੁਲਿਸ ਦੀ ਟੀਮ ਨੇ ਪਿੰਡ ਬਾਠ ਨੇੜੇ ਇਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਦੋ ਹਥਿਆਰਬੰਦ ਵਿਅਕਤੀਆਂ ਵਲੋਂ ਪੁਲਿਸ ’ਤੇ ਗੋਲੀਬਾਰੀ ਕੀਤੀ, ਜਿਸ ’ਤੇ ਪੁਲਿਸ ਵਲੋਂ ਆਪਣੇ ਬਚਾਅ ਲਈ ਕੀਤੀ ਗੋਲੀਬਾਰੀ ਦੌਰਾਨ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਪੂੰਗੀ ਪੁੱਤਰ ਮੰਗਲ ਸਿੰਘ ਵਾਸੀ ਮੁਰਾਦਪੁਰ ਅਤੇ ਗੁਰਸੇਵਕ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਨੌਰੰਗਾਬਾਦ ਵਜੋਂ ਹੋਈ। ਦੋਵਾਂ ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਲਿਜਾਇਆ ਗਿਆ ਤਾਂ ਉਥੇ ਕਸ਼ਮੀਰ ਸਿੰਘ ਉਰਫ਼ ਪੂੰਗੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੂੰਗੀ 4-5 ਅਪਰਾਧਿਕ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ। ਦੂਸਰੇ ਜ਼ਖ਼ਮੀ ਗੁਰਸੇਵਕ ਸਿੰਘ ਦਾ ਸਰਕਾਰੀ ਹਸਪਤਾਲ ਵਿਖੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ ਇਕ ਪੁਆਇੰਟ 30 ਬੋਰ ਦਾ ਪਿਸਤੌਲ ਅਤੇ ਇਕ ਜਿਗਾਨਾ ਪਿਸਤੌਲ ਬਰਾਮਦ ਕੀਤਾ ਹੈ। ਵਰਣਨਯੋਗ ਹੈ ਕਿ 12 ਸਤੰਬਰ ਨੂੰ ਪੁਲਿਸ ਮੁਕਾਬਲੇ ਦੌਰਾਨ ਤਰਨ ਤਾਰਨ ਪੁਲਿਸ ਵਲੋਂ ਮ੍ਰਿਤਕ ਕਸ਼ਮੀਰ ਸਿੰਘ ਪੂੰਗੀ ਦੇ ਭਰਾ ਜਗਜੀਤ ਸਿੰਘ ਜੱਗੀ ਨੂੰ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਸੀ, ਜਿਸ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕੇਸ ਦਰਜ ਕਰਕੇ ਮੁਲਜ਼ਮਾਂ ਦੇ ਅਪਰਾਧਿਕ ਪਿਛੋਕੜ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਉਨ੍ਹਾਂ ਦੀ ਸੰਭਾਵਿਤ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ।