ਸ਼੍ਰੋਮਣੀ ਅਕਾਲੀ ਦਲ (ਬ) ਦੇ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਝੋਟਾ ਦੇ ਪਰਿਵਾਰ ਲਈ 2 ਕਰੋੜ ਮੁਆਵਜ਼ੇ ਤੇ ਪਤਨੀ ਨੂੰ ਗਜ਼ਟਿਡ ਨੌਕਰੀ ਦੇਣ ਦੀ ਰੱਖੀ ਮੰਗ
ਚੰਡੀਗੜ੍ਹ, 23 ਅਕਤੂਬਰ (ਪ੍ਰੋ ਅਵਤਾਰ ਸਿੰਘ) - ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਸੌਂਪਿਆ। ਵਫ਼ਦ ਨੇ ਕਿਹਾ ਕਿ ਝੋਟਾ ਦਾ ਪਰਿਵਾਰ ਪੂਰੇ ਪੰਜਾਬ ਦਾ ਪਰਿਵਾਰ ਹੈ ਅਤੇ ਸਰਕਾਰ ਨੂੰ ਉਸ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ।
ਚੰਡੀਗੜ੍ਹ, 23 ਅਕਤੂਬਰ (ਪ੍ਰੋ ਅਵਤਾਰ ਸਿੰਘ) - ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਸੌਂਪਿਆ। ਵਫ਼ਦ ਨੇ ਕਿਹਾ ਕਿ ਝੋਟਾ ਦਾ ਪਰਿਵਾਰ ਪੂਰੇ ਪੰਜਾਬ ਦਾ ਪਰਿਵਾਰ ਹੈ ਅਤੇ ਸਰਕਾਰ ਨੂੰ ਉਸ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਗਜ਼ਟਿਡ ਅਹੁਦੇ ’ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਨਸ਼ਾ ਤਸਕਰੀ ਦੇ ਕਾਰੋਬਾਰ ਨੂੰ ਸਿਆਸੀ ਅਤੇ ਪ੍ਰਸ਼ਾਸਕੀ ਸਰਪ੍ਰਸਤੀ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸਿਆਸਤਦਾਨਾਂ ਅਤੇ ਪੁਲਿਸ ਵਿਚਾਲੇ ਕਥਿਤ ਗੰਢਤੁੱਪ ਦਾ ਸ਼ਿਕਾਰ ਹੋਣਾ ਪਿਆ। ਉਨ੍ਹਾਂ ਝੋਟਾ ਦੇ ਪਿਤਾ ਭੀਮ ਸਿੰਘ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਰਿਵਾਰ ਨੇ ਇਸ ਮਾਮਲੇ ਵਿਚ ਉੱਚ ਪੱਧਰ ’ਤੇ ਜਾਂਚ ਕਰਨ ਦੀ ਲੋੜ ਉਠਾਈ ਹੈ।ਰਾਜਪਾਲ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਵਿਚ ਵਿਸ਼ਵਾਸ ਬਹਾਲ ਕਰਨ ਲਈ ਠੋਸ ਕਦਮ ਚੁੱਕਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੇ ਆਪਣੇ ਲਈ ਕੋਈ ਨਿੱਜੀ ਲਾਭ ਨਹੀਂ ਮੰਗਿਆ, ਇਸ ਲਈ ਸਰਕਾਰ ਨੂੰ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਵਫ਼ਦ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਦਾਇਰੇ ਵਿਚ ਦਿੜ੍ਹਬਾ ਦੇ ਤੂਰ ਬੰਜਾਰਾ ਪਿੰਡ ਦੇ ਗੁਲਜ਼ਾਰ ਸਿੰਘ ਅਤੇ ਸ੍ਰੀ ਹਰਿਗੋਬਿੰਦਪੁਰ ਦੇ ਬਿਕਰਮਜੀਤ ਸਿੰਘ ਨਾਲ ਸੰਬੰਧਤ ਮਾਮਲੇ ਵੀ ਸ਼ਾਮਿਲ ਕੀਤੇ ਜਾਣ। ਸੁਖਬੀਰ ਨੇ ਦੱਸਿਆ ਕਿ ਮੰਗ-ਪੱਤਰ ’ਚ ਕਿਹਾ ਗਿਆ ਕਿ ਨਸ਼ਾ ਤਸਕਰੀ ਅਤੇ ਇਸ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਲੋਕ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਸੁਖਬੀਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਜ਼ਮਾਨਤ ਮਿਲਣ ਤੋਂ ਰੋਕਣ ਅਤੇ ਉਨ੍ਹਾਂ ਦੀ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਜ਼ਬਤ ਕਰਨ ਲਈ ਪ੍ਰਭਾਵਸ਼ਾਲੀ ਕਾਨੂੰਨੀ ਵਿਵਸਥਾ ਹੋਣੀ ਚਾਹੀਦੀ ਹੈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਸਨ। ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗੱਠਜੋੜ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਇਕ ਖੇਤਰੀ ਪਾਰਟੀ ਹੈ ਅਤੇ ਪੰਜਾਬ ਉਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੱਤਾ ’ਚ ਆਵੇ ਜਾਂ ਨਾ ਆਵੇ, ਉਹ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦਾ ਸਭ ਤੋਂ ਵੱਡਾ ਦੁਸ਼ਮਣ ਮੰਨਦਾ ਹੈ ਅਤੇ ਇਨ੍ਹਾਂ ਦੋਵਾਂ ਪਾਰਟੀਆਂ ਨਾਲ ਕੋਈ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਹੋਰ ਪਾਰਟੀਆਂ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮਾਂ ਦਾ ਸਨਮਾਨ ਕਰਦੀਆਂ ਹਨ, ਉਨ੍ਹਾਂ ਨਾਲ ਗੱਠਜੋੜ ਕਰਨ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ।