ਪੰਜਾਬ ਸਰਕਾਰ ਵਲੋਂ ਪਾਣੀਆਂ ਦੇ ਮੁੱਦੇ ’ਤੇ ਵਿਧਾਨ ਸਭਾ ਵਿਚ ਪਾਸ ਕੀਤੇ ਮਤੇ ਲਿਖਤੀ ਵਾਅਦਿਆਂ ਦੇ ਅਨਰੂਪ ਨਾ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਸਖ਼ਤ ਨਾਰਾਜ਼ਗੀ ਦਾ ਪ੍ਰਗਟਾਵਾ
ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਸਾਨੀ ਮੁੱਦਿਆਂ, ਖ਼ਾਸ ਕਰਕੇ ਪਾਣੀਆਂ ਦੇ ਮਾਮਲੇ ’ਤੇ ਮਤੇ ਪਾਸ ਨਾ ਕਰਨ ਲਈ ਪੰਜਾਬ ਸਰਕਾਰ ਪ੍ਰਤੀ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਚੰਡੀਗੜ੍ਹ ਮੋਰਚੇ ਦੌਰਾਨ ਕੀਤੇ ਲਿਖਤੀ ਵਾਅਦੇ ਪੂਰੇ ਨਹੀਂ ਕੀਤੇ ।
ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਸਾਨੀ ਮੁੱਦਿਆਂ, ਖ਼ਾਸ ਕਰਕੇ ਪਾਣੀਆਂ ਦੇ ਮਾਮਲੇ ’ਤੇ ਮਤੇ ਪਾਸ ਨਾ ਕਰਨ ਲਈ ਪੰਜਾਬ ਸਰਕਾਰ ਪ੍ਰਤੀ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਚੰਡੀਗੜ੍ਹ ਮੋਰਚੇ ਦੌਰਾਨ ਕੀਤੇ ਲਿਖਤੀ ਵਾਅਦੇ ਪੂਰੇ ਨਹੀਂ ਕੀਤੇ । ਭਵਿੱਖੀ ਰਣਨੀਤੀ ਤੈਅ ਕਰਨ ਲਈ ਮੋਰਚੇ ਦੀ ਅਗਲੀ ਮੀਟਿੰਗ 3 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗੀ। ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਹੋਈ ਮੀਟਿੰਗ ਦੌਰਾਨ ਕਿਸਾਨ ਕ੍ਰੈਡਿਟ ਸਕੀਮ ਸਬੰਧੀ ਨਵੇਂ ਨੋਟੀਫਿਕੇਸ਼ਨ ਵਿਚ ਕਿਸਾਨ ਵਿਰੋਧੀ ਸੋਧਾਂ ਤੇ ਡੀ.ਏ.ਪੀ. ਖਾਦ ਦੀ ਘਾਟ ਬਾਰੇ ਚਰਚਾ ਕੀਤੀ ਗਈ । ਮੋਰਚੇ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ 2 ਨਵੰਬਰ ਨੂੰ ਸੂਬੇ ਭਰ ਵਿਚ ਡੀ.ਆਰ. ਦਫ਼ਤਰਾਂ ਅੱਗੇ ਧਰਨੇ ਦੇਣ ਦਾ ਫ਼ੈਸਲਾ ਕੀਤਾ ।ਕਿਸਾਨ ਆਗੂਆਂ ਨੇ ਪਾਣੀਆਂ ਸਬੰਧੀ ਪੁਰਾਣੇ ਸਮਝੌਤੇ ਰੱਦ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਖ਼ਤਮ ਕਰਨ ਅਤੇ ਬੀਜ ਬਿੱਲ 2025 ਵਾਪਸ ਲੈਣ ਦੀ ਮੰਗ ਕੀਤੀ । ਉਨ੍ਹਾਂ ਨੇ ਕਰਜ਼ਾ ਨਿਪਟਾਰਾ ਸਕੀਮ ਤੇ ਗੰਨੇ ਦੇ ਭਾਅ ਬਾਰੇ ਸਰਕਾਰ ਦੀ ਚੁੱਪ ’ਤੇ ਵੀ ਸਵਾਲ ਉਠਾਏ। ਇਸ ਤੋਂ ਇਲਾਵਾ, ਗੜੇਮਾਰੀ ਤੇ ਬੇਮੌਸਮੀ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ । ਮੋਰਚੇ ਨੇ ਨਸ਼ਾ ਵਿਰੋਧੀ ਲਹਿਰ ਦੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਵੀ ਮੰਗ ਕੀਤੀ । ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ’ਚ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੋਘ ਸਿੰਘ ਮਾਨਸਾ, ਗੁਰਜੰਟ ਸਿੰਘ,ਬਲਕਰਨ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਜਸਕਰਨ ਸਿੰਘ ਗੋਲੇਵਾਲਾ, ਅੰਗਰੇਜ਼ ਸਿੰਘ ਭਦੌੜ, ਹਰਭਜਨ ਸਿੰਘ ਬੁੱਟਰ,ਵੀਰ ਸਿੰਘ ਬੜਵਾ, ਭੁਪਿੰਦਰ ਸਿੰਘ ਔਲਖ, ਮੋਹਨ ਸਿੰਘ ਧਮਾਣਾ, ਕੈਪਟਨ ਮੇਜਰ ਸਿੰਘ, ਰਘਬੀਰ ਸਿੰਘ, ਜਗਮੋਹਨ ਸਿੰਘ ਪਟਿਆਲਾ, ਮਹਾਂਵੀਰ ਸਿੰਘ ਅਤੇ ਪਵਿੱਤਰ ਸਿੰਘ ਲਾਲੀ ਆਦਿ ਕਿਸਾਨ ਆਗੂ ਹਾਜ਼ਰ ਸਨ।