ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਫੱਗਣ ਮਹੀਨੇ ਵਿੱਚ ਅੱਜ ਦੇਸ਼ ਭਰ ਵਿਚ ਮਨਾਏ ਜਾਣ ਵਾਲੇ ਸ਼ਿਵਰਾਤਰੀ ਦਾ ਤਿਉਹਾਰ ਮੋਗਾ ਵਿਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਦਰਸ਼ਨ ਕਰਨ ਤੋਂ ਬਾਅਦ, ਸਿੰਘਾਂਵਾਲਾ ਰੋਡ 'ਤੇ ਸਥਿਤ ਮੰਦਰ ਵਿੱਚ ਪਵਨ ਸ਼ਿਵਲਿੰਗ ਨੂੰ ਜਲ ਚੜ੍ਹਾ ਕੇ ਭਗਵਾਨ ਸ਼ਿਵ ਦੀ ਪੂਜਾ ਕੀਤੀ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਭਗਵਾਨ ਸ਼ਿਵ ਦੀ ਮਹਿਮਾ ਦਾ ਵਿਸਥਾਰ ਨਾਲ ਵਰਣਨ ਕੀਤਾ ਅਤੇ ਸਾਰਿਆਂ ਦੀ ਖ਼ੁਸ਼ੀ, ਖ਼ੁਸ਼ਹਾਲੀ, ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ | ਸਮਾਗਮ ਦੌਰਾਨ, ਭਗਵਾਨ ਸ਼ਿਵ ਲਈ ਆਰਤੀ ਕੀਤੀ ਗਈ, ਅਤੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆਂ ਗਿਆ | ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |