17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬ ਵਪਾਰ ਕਮਿਸ਼ਨ ਹੁਣ ਦਫ਼ਤਰਾਂ 'ਚ ਭੱਜ-ਦੌੜ ਕਰਨ ਦੀ ਬਜਾਏ ਛੋਟੇ ਵਪਾਰੀਆਂ ਦੇ ਸਮੇਂ ਅਤੇ ਮਿਹਨਤ ਦੀ ਬੱਚਤ ਕਰੇਗਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ

ਅਜੀਤ ਡੈਸਕ 19-02-2026
ਮੋਗਾ, 18 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰਕ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਵਪਾਰਕ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਲਈ ਪੰਜਾਬ ਵਪਾਰ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ | ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲਿਆਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਮੋਗਾ ਹਲਕੇ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਪ੍ਰਤਾਪ ਰੋਡ 'ਤੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਪ੍ਰੋਗਰਾਮ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਢੁਕਵੇਂ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਮੋਗਾ ਵਪਾਰ ਕਮਿਸ਼ਨ ਦੇ ਚੇਅਰਮੈਨ ਸੰਜੀਵ ਨਰੂਲਾ, ਮੋਗਾ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ, ਜਸਪਿੰਦਰ ਸਿੰਘ, ਏਟੀਪੀ ਪੂਨਮ ਜੀ.ਐਸ.ਟੀ., ਆਪ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਬਲਾਕ ਪ੍ਰਧਾਨ ਰਾਕੇਸ਼ ਮਿੱਡਾ, ਕੌਂਸਲਰ ਗੁਰਪ੍ਰੀਤ ਸਚਦੇਵਾ, ਪਿ੍ੰਸਪਾਲ ਅਰੋੜਾ, ਗੌਰਵ ਗਰਗ, ਰਮਨ ਮੱਕੜ, ਐਡਵੋਕੇਟ ਰਿਸ਼ਭ ਗਰਗ, ਅੰਕਿਤ ਗਰਗ, ਬੌਬੀ ਕੰਬੋ, ਰੌਸ਼ਨ ਲਾਲ ਚਾਵਲਾ, ਦਵਿੰਦਰ ਤਿਵਾੜੀ, ਕੌਂਸਲਰ ਅਰਵਿੰਦਰ ਸਿੰਘ ਕਾਹਨਪੁਰੀਆ, ਸੁਭਾਸ਼ ਗਰੋਵਰ, ਵਿਜੇ ਸੇਠੀ ਅਤੇ ਵੱਖ-ਵੱਖ ਵਪਾਰੀਆਂ ਸਮੇਤ ਹੋਰ ਵੀ ਹਾਜ਼ਰ ਸਨ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਪਾਰ ਕਮਿਸ਼ਨ ਇਹ ਯਕੀਨੀ ਬਣਾਉਣ ਵਿਚ ਲਗਾਤਾਰ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਿਹਾ ਹੈ ਕਿ ਸਾਡੇ ਵਪਾਰੀਆਂ ਨੂੰ ਕੋਈ ਸਮੱਸਿਆ ਨਾ ਆਵੇ | ਵਪਾਰੀਆਂ ਦੀ ਭਲਾਈ ਅਤੇ ਸਹੂਲਤ ਸਾਡੀ ਤਰਜੀਹ ਹੈ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਇਕੱਠ ਤੁਹਾਡੀ ਸਰਕਾਰ ਤੁਹਾਡੀ ਅਦਾਲਤ ਦੀ ਭਾਵਨਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਾਰੋਬਾਰਾਂ ਨੂੰ ਰੁਟੀਨ ਪ੍ਰਵਾਨਗੀਆਂ, ਵਿਭਾਗੀ ਪ੍ਰਵਾਨਗੀਆਂ ਅਤੇ ਰੋਜ਼ਾਨਾ ਦੇ ਕਾਰੋਬਾਰੀ ਕਾਰਜਾਂ ਲਈ ਦਫ਼ਤਰਾਂ ਵਿਚ ਨਾ ਭੱਜਣਾ ਪਵੇ | ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਛੋਟੇ-ਮੋਟੇ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚ ਜਾ ਕੇ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਪੰਜਾਬ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਵਪਾਰ ਕਮਿਸ਼ਨ ਵਪਾਰਕ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬੱਚਤ ਲਈ ਇਕ ਵਿਲੱਖਣ ਪਲੇਟਫ਼ਾਰਮ ਵਜੋਂ ਕੰਮ ਕਰੇਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰੀ ਅਤੇ ਛੋਟੇ ਕਾਰੋਬਾਰ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ | ਸਾਡੀ ਸਰਕਾਰ ਇਕ ਅਜਿਹਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿੱਥੇ ਇਮਾਨਦਾਰ ਕਾਰੋਬਾਰੀ ਕਾਗ਼ਜ਼ੀ ਕਾਰਵਾਈ, ਦੇਰੀ ਅਤੇ ਬੇਲੋੜੀਆਂ ਪਰੇਸ਼ਾਨੀਆਂ ਵਿਚ ਫਸਣ ਦੀ ਬਜਾਏ ਆਪਣੇ ਕਾਰੋਬਾਰਾਂ ਨੂੰ ਵਧਾਉਣ 'ਤੇ ਧਿਆਨ ਕੇਂਦਰਿਤ ਕਰ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਵਪਾਰ ਕਮਿਸ਼ਨ ਦੀ ਸਥਾਪਨਾ ਜਨਤਕ ਸੇਵਾ, ਪਾਰਦਰਸ਼ਤਾ ਅਤੇ ਕਾਰੋਬਾਰ ਕਰਨ ਵਿਚ ਆਸਾਨੀ ਦੀ ਭਾਵਨਾ ਨਾਲ ਕੀਤੀ ਜਾਵੇਗੀ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਰੇਲਵੇ ਅੰਡਰ ਬਿ੍ਜ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਮਿੰਨੀ ਸਕੱਤਰੇਤ ਲਈ ਨਵੀਆਂ ਮੰਜ਼ਲਾਂ ਵੀ ਬਣਾ ਰਹੀ ਹੈ | ਇਸ ਤੋਂ ਇਲਾਵਾ ਮਾਰਚ ਮਹੀਨੇ ਸ਼ਹਿਰ ਦੀਆਂ 16 ਪ੍ਰਮੁੱਖ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਜਨਤਾ ਨੂੰ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲਦੀ ਹੀ ਸ਼ਹਿਰ ਦੀ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਲਈ ਸਟਾਲ ਬਣਾਏਗਾ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਵਲੋਂ ਵਪਾਰੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ |
ਪਿਛਲੀ ਖ਼ਬਰ ਨਿਰਪੱਖ ਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਦੀ ਲੋਕਾਂ 'ਚ ਪਕੜ ਹੋਰ ਮਜ਼ਬੂਤ ਹੋ ਰਹੀ- ਭੁਪੇਸ਼, ਜੱਸ, ਸ਼ੇਖਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।