ਮੋਗਾ, 19 ਫਰਵਰੀ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਅੱਜ ਡੀ.ਸੀ. ਦਫ਼ਤਰ ਮੋਗਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸੈਂਕੜਿਆਂ ਦੀ ਤਾਦਾਦ ਵਿਚ ਅਧਿਆਪਕ ਅਤੇ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜਸਵਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਹਰਸ਼ ਗੋਇਲ ਜ਼ਿਲ੍ਹਾ ਪ੍ਰਧਾਨ ਸੀ.ਪੀ.ਈ.ਐਫ. ਯੂਨੀਅਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ | ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਮੌਕੇ ਨਿਰਮਲ ਸਿੰਘ ਮੋਗਾ ਸੂਬਾ ਪ੍ਰੈੱਸ ਸਕੱਤਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਨੇ ਕਿਹਾ ਕਿ ਰੋਸ ਵਜੋਂ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ.ਪੀ.ਐਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ 'ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਂਅ ਵਿਚ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ, ਉਲਟਾ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ | ਸਟੇਟ ਕਮੇਟੀ ਮੈਂਬਰ ਦਿਨੇਸ਼ ਬਾਂਸਲ ਨੇ ਕਿਹਾ ਕਿ ਸਰਕਾਰ ਤੁਰੰਤ ਟੈਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਸ਼ਾਮਿਲ ਹੋਇਆ ਜਾਵੇਗਾ ਤੇ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਇਸ ਮੌਕੇ ਤਜਿੰਦਰ ਸਿੰਘ ਨਿਹਾਲ ਸਿੰਘ ਵਾਲਾ, ਨਿਰਮਲ ਸਿੰਘ ਮਾਹਲਾ, ਵਿਕਾਸ ਜੋਸ਼ੀ, ਲਖਵਿੰਦਰ ਸਿੰਘ ਵਾਟਰ ਸਪਲਾਈ ਡਿਪਾਰਟਮੈਂਟ, ਅਮਿਤ ਕੁਮਾਰ, ਰਜੀਵ ਕੁਮਾਰ, ਵਿਜੇ ਕੁਮਾਰ ਮਨੋਹਰ ਲਾਲ, ਰਣਜੋਧ ਸਿੰਘ, ਅਜਮੇਰ ਸਿੰਘ ਆਦਿ ਹਾਜ਼ਰ ਸਨ |