ਠੱਠੀ ਭਾਈ, 19 ਫਰਵਰੀ (ਜਗਰੂਪ ਸਿੰਘ ਮਠਾੜੂ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਚੰਦ ਪੁਰਾਣਾ ਵਿਖੇ ਸਥਾਨ ਦੇ ਸੰਸਥਾਪਕ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ 15 ਮਾਰਚ ਨੂੰ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਸਬੰਧੀ ਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਜਾਣਗੇ ਅਤੇ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ ਦੀਵਾਨਾਂ ਦੌਰਾਨ ਸਮੁੱਚੇ ਪੰਜਾਬ ਭਰ ਤੋਂ ਪਹੁੰਚ ਰਹੇ ਸੰਤ ਮਹਾਂਪੁਰਸ਼ ਅਤੇ ਪ੍ਰਸਿੱਧ ਰਾਗੀ-ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਅੰਮਿ੍ਤਮਈ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਹਰਿ ਜਸ ਕੀਰਤਨ ਦਾ ਆਨੰਦ ਮਾਣਨ ਨਾਲ ਮਨੁੱਖ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ ਅਤੇ ਉਸ ਦੇ ਅੰਦਰ ਆਤਮਿਕ ਸ਼ਾਂਤੀ, ਸਹਿਣਸ਼ੀਲਤਾ ਅਤੇ ਸੇਵਾ-ਭਾਵਨਾ ਦਾ ਵਿਕਾਸ ਹੁੰਦਾ ਹੈ | ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਇਕਜੁੱਟ ਕਰਦੇ ਹੋਏ ਨਵੀਂ ਆਤਮਿਕ ਊਰਜਾ ਪ੍ਰਦਾਨ ਕਰਦੇ ਹਨ | ਸੰਤ ਬਾਬਾ ਗੁਰਦੀਪ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਯਾਦ ਵਿਚ ਕਰਵਾਏ ਜਾ ਰਹੇ ਇਸ ਮਹਾਨ ਧਾਰਮਿਕ ਸਮਾਗਮ ਦਾ ਲਾਹਾ ਪ੍ਰਾਪਤ ਕਰਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਦਾ ਹਿੱਸਾ ਬਣਨ | ਇਸ ਮੌਕੇ ਗੁਰੂ ਕੇ ਲੰਗਰਾਂ ਦੀ ਵੀ ਅਤੁੱਟ ਸੇਵਾ ਚੱਲਦੀ ਰਹੇਗੀ |