02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਨਿਖੇਧੀ

ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ ਪਿੰਡ ਜਿਉਂਦ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੀਕੇਯੂ ਉਗਰਾਹਾਂ ਜਥੇਬੰਦੀ ਦੇ ਕਿਸਾਨਾਂ ਉੱਪਰ ਲਾਠੀਚਾਰਜ, ਪੱਥਰਬਾਜ਼ੀ, ਅੱਥਰੂ ਗੈਸ ਦੇ ਗੋਲੇ ਦਾਗਣ ਤੇ ਅੱਤਿਆਚਾਰ ਕਰਨ ਕਰ ਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਆਗੂਆਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਜੋ ਅੱਜ ਪੰਜਾਬ ਸਰਕਾਰ ਦੇ ਇਸ਼ਾਰੇ ਉੱਪਰ ਬਠਿੰਡਾ ਦੇ ਪਿੰਡ ਜਿਉਂਦ ਵਿਖੇ ਬੀਕੇਯੂ ਉਗਰਾਹਾਂ ਜਥੇਬੰਦੀ ਦੇ ਕਾਰਕੁਨਾਂ ਵਲੋਂ ਜੇਲ੍ਹ ਵਿਚ ਬੰਦ ਪਿੰਡ ਚਾਉਕੇ ਅਤੇ ਪਿੰਡ ਜਿਉਂਦ ਦੇ ਦੋ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਬਠਿੰਡਾ ਡੀ.ਸੀ. ਦਫ਼ਤਰ, ਡੀ.ਐੱਸ.ਪੀ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਜੇਲ੍ਹ ਵਿਚ ਬੰਦ ਦੋ ਸਾਥੀਆਂ ਦੀ ਰਿਹਾਈ ਲਈ ਧਰਨਾ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰੰਤੂ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵਲੋਂ ਸਵੇਰੇ ਤੜਕੇ ਤੋਂ ਹੀ ਕਿਸਾਨ ਆਗੂਆਂ ਦੀ ਘਰਾਂ ਵਿਚ ਛਾਪੇਮਾਰੀ ਕਰ ਕੇ ਗਿ੍ਫ਼ਤਾਰ ਕਰ ਲਿਆ ਗਿਆ ਤੇ ਬਠਿੰਡਾ ਨੂੰ ਆਉਂਦੇ ਸਾਰੇ ਰਸਤਿਆਂ ਉੱਪਰ ਭਾਰੀ ਬੈਰੀਕੇਟਿੰਗ ਕੀਤੀ ਗਈ ਤਾਂ ਜੋ ਉਗਰਾਹਾਂ ਜਥੇਬੰਦੀ ਦੇ ਕਿਸਾਨ ਬਠਿੰਡਾ ਵਿਖੇ ਨਾ ਪਹੁੰਚ ਸਕਣ | ਉਲੀਕੇ ਗਏ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਜਦ ਪਿੰਡ ਜਿਉਂਦ ਦੇ ਕਿਸਾਨਾਂ ਨੇ ਰਵਾਨਗੀ ਵੱਲ ਕਦਮ ਵਧਾਏ ਤਾਂ ਐਸ.ਐਸ.ਪੀ. ਮੈਡਮ ਜੋਤੀ ਯਾਦਵ ਸ਼ਰਮਾ ਨੇ ਖ਼ੁਦ ਕਮਾਨ ਸੰਭਾਲਦਿਆਂ ਕਿਸਾਨਾਂ ਉੱਪਰ ਲਾਠੀਚਾਰਜ, ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਜਦ ਕਿਸਾਨਾਂ ਨੇ ਅੱਗਿਓਾ ਜਵਾਬ ਵਿਚ ਵਿਰੋਧ ਕੀਤਾ ਤਾਂ ਐਸ.ਐਸ.ਪੀ. ਜੋਤੀ ਯਾਦਵ ਦੇ ਹੁਕਮ 'ਤੇ ਪੁਲਿਸ ਨੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ ਕਰ ਦਿੱਤੇ, ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਅੱਤਿਆਚਾਰ ਕਾਰਨ ਇਕ ਕਿਸਾਨ ਦਾ ਹੱਥ ਕੱਟਿਆ ਗਿਆ | ਆਗੂਆਂ ਨੇ ਆਖਿਆ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਸੰਘਰਸ਼ਾਂ ਨੂੰ ਕੁਚਲਨਾ ਚਾਹੁੰਦੀ ਹੈ, ਪਿਛਲੇ ਦਿਨੀਂ ਵੀ ਬੀਕੇਯੂ ਉਗਰਾਹਾਂ ਜਥੇਬੰਦੀ ਉੱਪਰ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਸਨ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮੀਟਿੰਗਾਂ ਕਰਨ ਤੋਂ ਵਾਰ ਵਾਰ ਭੱਜ ਰਹੀ ਹੈ | ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ, ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਉੱਪਰ ਅੱਤਿਆਚਾਰ ਕਰ ਰਹੀ ਹੈ, ਜਿਸ ਦੀ ਕਿਰਤੀ ਕਿਸਾਨ ਯੂਨੀਅਨ ਮੋਗਾ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦੀ ਹੈ ਅਤੇ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਹਰੇਕ ਵਰਗ ਨਾਲ ਟੇਬਲ ਟਾਕ 'ਤੇ ਗੱਲਬਾਤ ਕਰੇ ਅਤੇ ਆਪਣਾ ਤਾਨਾਸ਼ਾਹੀ ਰਵੱਈਆ ਅਪਣਾਉਣਾ ਬੰਦ ਕਰੇ |
ਪਿਛਲੀ ਖ਼ਬਰ ਕਿਲੀ ਚਾਹਲਾਂ ਰੈਲੀ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਸ਼ਰਾਬ ਦੀਆਂ ਪੇਟੀਆਂ ਦੀਆਂ ਵਾਇਰਲ ਵੀਡੀਓਜ਼ 'ਤੇ ਕਾਂਗ... ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਮੋਗਾ 'ਚ ਕੱਲ੍ਹ ਦਿੱਲੀ ਅੰਦੋਲਨ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਕਾਨਫ਼ਰੰਸ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।