ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿਗਵਿਜੇਪਾਲ ਸ਼ਰਮਾ, ਪ੍ਰਗਟਜੀਤ ਕਿਸ਼ਨਪੁਰਾ, ਗੁਰਪ੍ਰੀਤ ਅਮੀਵਾਲ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਿੱਖਿਆ ਮੰਤਰੀ ਵਲੋਂ ਮੀਟਿੰਗ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਦੇ ਘਰ ਦਾ ਘਿਰਾਓ 2 ਮਾਰਚ ਨੂੰ ਕੀਤਾ ਜਾਵੇਗਾ। ਅਧਿਆਪਕ ਆਗੂਆਂ ਜੱਜਪਾਲ ਸਿੰਘ ਬਾਜੇਕੇ, ਸੁਖਪਾਲਜੀਤ ਸਿੰਘ, ਗੁਰਮੀਤ ਸਿੰਘ ਢੋਲੇਵਾਲਾ, ਸੁਰਿੰਦਰ ਸ਼ਰਮਾ, ਹਰਜੰਟ ਬੌਡੇ, ਹਰਵਿੰਦਰ ਮਾਰਸ਼ਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਐਨ.ਸੀ.ਟੀ.ਈ. ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਦਿਆਂ 1 ਸਤੰਬਰ 2025 ਦੇ ਫ਼ੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਹੈ। ਇਸ ਸਮੇਂ ਦੌਰਾਨ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵਲੋਂ ਇਸ ਗ਼ੈਰ ਸੰਵਿਧਾਨਿਕ ਫ਼ੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿਚ ਬਿੱਲ ਪਾਸ ਕਰ ਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਸਗੋਂ ਕੁਝ ਕੈਟਾਗਰੀਆਂ ਨੂੰ 2017 ਦੇ ਇਕ ਪੱਤਰ ਅਨੁਸਾਰ ਪਦ-ਉੱਨਤੀਆਂ ਸਮੇਂ ਟੈੱਟ ਤੋਂ ਛੋਟ ਦਿੱਤੀ ਗਈ ਸੀ, ਉਹ ਪੱਤਰ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਉਪਰੰਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਾਪਸ ਲੈ ਲਿਆ ਗਿਆ ਹੈ ਅਤੇ ਅਧਿਆਪਕਾਂ ਦੀਆਂ ਪਦ-ਉੱਨਤੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਅਧਿਆਪਕ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਸਰਕਾਰ ਦੀ ਬਦਨੀਤੀ ਕਾਰਨ ਲਗ-ਪਗ ਦੋ ਘੰਟੇ ਜੀ.ਟੀ. ਰੋਡ ਜਾਮ ਕਰਨ ਉਪਰੰਤ 27 ਫਰਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ਨੂੰ ਕੱਲ੍ਹ ਮੁਲਤਵੀ ਕਰ ਕੇ ਅੱਗੇ ਪਾ ਦਿੱਤਾ ਗਿਆ ਹੈ। ਮੀਟਿੰਗ ਵਿਚ ਸ਼ਾਮਿਲ ਅਧਿਆਪਕ ਜਥੇਬੰਦੀਆਂ ਵਲੋਂ ਟੈੱਟ ਸਬੰਧੀ ਮੀਟਿੰਗ ਅੱਗੇ ਪਾਉਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ 2 ਮਾਰਚ ਨੂੰ ਸਮੁੱਚੇ ਜ਼ਿਲ੍ਹਿਆਂ ਵਿਚ ਕੈਬਨਿਟ ਮੰਤਰੀਆਂ/ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਜਿਸ ਕਰ ਕੇ ਮੋਗਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ 2 ਮਾਰਚ ਨੂੰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ। ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਮੋਗਾ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਵੱਡੀ ਗਿਣਤੀ 'ਚ ਇਸ ਘਿਰਾਓ 'ਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ।
ਅਧਿਆਪਕ ਜਥੇਬੰਦੀਆਂ ਵਲੋਂ ਵਿਧਾਇਕ ਮੋਗਾ ਦੇ ਘਰ ਦਾ ਘਿਰਾਓ ਭਲਕੇ
ਅਜੀਤ ਡੈਸਕ
02-03-2026