ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਕਰੀਅਰ, ਗਾਈਡੈਂਸ ਤੇ ਕੌਂਸਲਿੰਗ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਸੋਸ਼ਲ ਇਕਨਾਮਿਕ ਵੈਲਫੇਅਰ ਪੰਜਾਬ ਦੇ ਮੁੱਖ ਬੁਲਾਰੇ ਡਾ. ਪੁਸ਼ਪਿੰਦਰ ਸਿੰਘ, ਡਾ. ਚਮਕੌਰ ਸਿੰਘ, ਪਰਮਜੀਤ ਸਿੰਘ ਅਤੇ ਵੀਰਪਾਲ ਕੌਰ ਸ਼ਾਮਿਲ ਹੋਏ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਹੱਥੀ ਆਪਣਾ ਆਪੇ ਹੀ ਕਾਜ ਸਵਾਰੀਐ ਦੇ ਮਹਾਂ ਵਾਕ ਅਨੁਸਾਰ ਕਿਰਤ ਕਰਨ ਲਈ ਪ੍ਰੇਰਿਤ ਕੀਤਾ | ਇਸ ਵਿਚ ਵਿਦਿਆਰਥਣਾਂ ਨੂੰ ਭਵਿੱਖ ਵਿਚ ਆਪਣਾ ਸਹੀ ਕਰੀਅਰ ਚੁਣਨ ਲਈ ਜਾਣਕਾਰੀ ਦਿੱਤੀ ਗਈ | ਅੰਤ 'ਚ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਆਏ ਹੋਏ ਬੁਲਾਰਿਆਂ ਦਾ ਵਿਸ਼ੇਸ਼ ਰੂਪ ਵਿਚ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੁਆਰਾ ਸਮਝਾਏ ਸਿਧਾਂਤਾਂ 'ਤੇ ਅਮਲ ਕਰਨ ਲਈ ਪ੍ਰੇਰਿਆ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਸੈਮੀਨਾਰ ਹੀ ਵਿਦਿਆਰਥੀਆਂ ਨੂੰ ਸਹੀ ਦਿਸ਼ਾ-ਨਿਰਦੇਸ਼ ਦਿੰਦੇ ਹਨ | ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ |