ਬੇਅਦਬੀ ਖ਼ਿਲਾਫ਼ ਕਾਨੂੰਨ ਸੂਬੇ ਦੀ ਸਰਕਾਰ ਦਾ ਇਤਿਹਾਸਕ ਫ਼ੈਸਲਾ-'ਆਪ' ਆਗੂ
ਅਜੀਤ ਡੈਸਕ
30-04-2026
ਬਾਘਾ ਪੁਰਾਣਾ, 29 ਅਪ੍ਰੈਲ (ਟਿੰਕੂ ਕਾਠਪਾਲ)-ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣਾਇਆ ਗਿਆ ਕਾਨੂੰਨ ਇਕ ਇਤਿਹਾਸਕ ਤੇ ਲੋਕ ਭਾਵਨਾਵਾਂ ਨੂੰ ਸਨਮਾਨ ਦੇਣ ਵਾਲਾ ਕਦਮ ਹੈ | ਇਹ ਗੱਲ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਰਵਿੰਦਰ ਸਿੰਘ ਭਾਟੀਆ, ਸੈਕਟਰੀ ਕੁਲਵੰਤ ਸਿੰਘ ਤੇ ਕੌਂਸਲਰ ਜਸਵੰਤ ਸਿੰਘ ਵਲੋਂ ਜਾਰੀ ਸਾਂਝੇ ਬਿਆਨ ਵਿਚ ਕਹੀ ਗਈ | 'ਆਪ' ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਰਾਹ ਦਿਖਾਉਣ ਵਾਲਾ ਪਵਿੱਤਰ ਗ੍ਰੰਥ ਹੈ | ਇਸ ਦੀ ਬੇਅਦਬੀ ਦੇ ਮਾਮਲੇ ਸਮਾਜ ਵਿਚ ਗੰਭੀਰ ਦੁੱਖ ਅਤੇ ਰੋਸ ਪੈਦਾ ਕਰਦੇ ਹਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤ ਕਾਨੂੰਨੀ ਉਪਾਅ ਲਿਆਂਦੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਨਾ ਸਿਰਫ਼ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਿਚ ਮਦਦਗਾਰ ਸਾਬਤ ਹੋਵੇਗਾ, ਸਗੋਂ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਵੀ ਕਾਰਗਰ ਰਹੇਗਾ | ਅਰਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਬੇਅਦਬੀ ਦੇ ਮਾਮਲਿਆਂ 'ਚ ਕੜੀ ਕਾਰਵਾਈ ਲਈ ਵੱਖਰਾ ਕਾਨੂੰਨ ਬਣਾਇਆ ਜਾਵੇ, ਜਿਸ ਨੂੰ ਹੁਣ ਸਰਕਾਰ ਨੇ ਪੂਰਾ ਕੀਤਾ ਹੈ | ਸੈਕਟਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਾਨੂੰਨ ਦੀ ਸਖ਼ਤੀ ਨਾਲ ਲਾਗੂ ਕਰਨਾ ਵੀ ਉਨ੍ਹਾਂ ਹੀ ਜ਼ਰੂਰੀ ਹੈ, ਜਿੰਨਾ ਇਸ ਦਾ ਬਣਾਇਆ ਜਾਣਾ | ਉਨ੍ਹਾਂ ਉਮੀਦ ਜਤਾਈ ਕਿ ਪੁਲਸ ਅਤੇ ਪ੍ਰਸ਼ਾਸਨ ਇਸ ਕਾਨੂੰਨ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰਨਗੇ ਅਤੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰ ਦੇ ਸਜ਼ਾ ਮਿਲੇਗੀ | ਕੌਂਸਲਰ ਜਸਵੰਤ ਸਿੰਘ ਨੇ ਕਿਹਾ ਕਿ ਸਮਾਜ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਬਣਾਈ ਰੱਖਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਹਰ ਕੋਈ ਧਾਰਮਿਕ ਅਸਥਾਵਾਂ ਅਤੇ ਗ੍ਰੰਥਾਂ ਦਾ ਆਦਰ ਕਰੇ | ਆਖ਼ਰ ਵਿਚ 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਗੇ ਵੀ ਲੋਕਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਫ਼ੈਸਲੇ ਲੈਂਦੀ ਰਹੇਗੀ ਤੇ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ |