ਬਾਘਾ ਪੁਰਾਣਾ, 30 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੇ ਗਏ ਸੰਘਰਸ਼ ਦੇ ਤਹਿਤ ਵਿਧਾਇਕਾਂ ਦੇ ਘਰ ਤੇ ਦਫ਼ਤਰਾਂ ਅੱਗੇ 6 ਮਈ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦੇ ਦਫ਼ਤਰ ਸਾਹਮਣੇ ਵੀ ਰੋਸ ਧਰਨਾ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਬਲਾਕ ਬਾਘਾ ਪੁਰਾਣਾ ਦੀ ਪ੍ਰਧਾਨ ਸਰਬਜੀਤ ਕੌਰ ਲੰਗੇਆਣਾ ਨੇ ਪ੍ਰੈੱਸ ਜਾਰੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ, ਆਂਗਣਵਾੜੀ ਕੇਂਦਰਾਂ 'ਚੋਂ ਲਏ ਗਏ ਬੱਚੇ ਵਾਪਸ ਆਂਗਣਵਾੜੀਆਂ 'ਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਨੂੰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ 'ਚ ਕੰਮ ਕਰਨ ਬਦਲੇ 200 ਰੁਪਿਆ ਵਰਕਰ ਅਤੇ 100 ਰੁਪਿਆ ਹੈਲਪਰ ਨੂੰ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ | ਉਨ੍ਹਾਂ ਕਿਹਾ ਕਿ ਰੋਸ ਧਰਨੇ 'ਚ ਬਲਾਕ ਬਾਘਾ ਪੁਰਾਣਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਡੀ ਗਿਣਤੀ ਵਿਚ ਭਾਗ ਲੈਣਗੀਆਂ |