ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਮੋਰਚਾ (ਏ.ਕੇ.ਐਮ.) ਪੰਜਾਬ ਵਲੋਂ ਐਲਾਨ ਕੀਤਾ ਗਿਆ ਕਿ 4 ਮਈ ਨੂੰ ਪੰਜਾਬ ਭਰ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਕੀਤਾ ਜਾਵੇਗਾ | ਕਿਸਾਨ ਆਗੂਆਂ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ, ਰਣਜੀਤ ਸਿੰਘ ਤਹਿਸੀਲ ਪ੍ਰਧਾਨ ਧਰਮਕੋਟ, ਨੰਬਰਦਾਰ ਬਲਾਕ ਪ੍ਰਧਾਨ ਧਰਮਕੋਟ ਨੇ ਕਿਹਾ ਕਿ ਸਰਕਾਰ ਵਲੋਂ 30 ਅਪ੍ਰੈਲ ਤੱਕ ਆਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋਈ ਸੀ | ਆਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ, ਬੇਮੌਸਮੀ ਬਾਰਸ਼ਾਂ ਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ ਪਰ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਗੰਭੀਰਤਾ ਨਹੀਂ ਦਿਖਾਈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਏ.ਕੇ.ਐਮ. ਪੰਜਾਬ ਨੇ ਸਾਰੇ ਕਿਸਾਨਾਂ ਤੇ ਆਮ ਲੋਕਾਂ ਨੂੰ 4 ਮਈ ਦੇ ਟੋਲ ਪਲਾਜ਼ਾ ਬੰਦ ਕਰਨ ਤੇ ਅੰਦੋਲਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ | ਇਸ ਮੌਕੇ ਕੁਲਜੀਤ ਸਿੰਘ ਰੌਂਤਾ ਯੂਥ ਪ੍ਰਧਾਨ ਮੋਗਾ, ਚੰਦਨਦੀਪ ਸਿੰਘ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਹਾਜ਼ਰ ਸਨ |