ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਾਂਗਰਸ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਤੋਂ ਐਨ.ਐਸ.ਏ. ਹਟਾਉਣ ਨੂੰ ਗ਼ਲਤ ਦੱਸਣ ਦਾ ਸਖ਼ਤ ਨੋਟਿਸ ਲਿਆ ਹੈ | ਪਾਰਟੀ ਦੇ ਹਲਕਾ ਮੋਗਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਕਾਂਗਰਸੀ ਆਗੂ ਭਾਈ ਅੰਮਿ੍ਤਪਾਲ ਸਿੰਘ ਦੇ ਸਬੰਧ ਵਿਚ ਬੇਹੂਦਾ ਬਿਆਨਬਾਜ਼ੀ ਕਰਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਕਾਂਗਰਸ ਪਾਰਟੀ ਦੀ ਇਸ ਚਾਲ ਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈ ਕੇ ਪੰਜਾਬ ਦੇ ਜਜ਼ਬਾਤਾਂ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰਨ | ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਆਪਣਾ ਜਨ-ਆਧਾਰ ਗਵਾ ਚੁੱਕੀ ਹੈ ਤੇ ਬੌਖਲਾਹਟ ਵਿਚ ਆ ਕੇ ਉਸ ਦੇ ਆਗੂ ਅਜਿਹੀ ਹੋਛੀ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਡੀ.ਆਈ.ਜੀ. ਰੈਂਕ ਦੇ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਕਰ ਚੁੱਕੇ ਹਨ ਕਿ ਰਾਜਪੁਰਾ ਨੇੜੇ ਰੇਲਵੇ ਟਰੈਕ ਉੱਪਰ ਹੋਏ ਧਮਾਕੇ ਨਾਲ ਭਾਈ ਅੰਮਿ੍ਤਪਾਲ ਸਿੰਘ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਸਾਥੀ ਦਾ ਕੋਈ ਸੰਬੰਧ ਨਹੀਂ ਹੈ ਤਾਂ ਫਿਰ ਸੁਖਜਿੰਦਰ ਸਿੰਘ ਰੰਧਾਵਾ ਕਿਸ ਆਧਾਰ ਉੱਪਰ ਸ਼ਰਮਨਾਕ ਬਿਆਨਬਾਜ਼ੀ ਕਰਕੇ ਭਾਈ ਅੰਮਿ੍ਤਪਾਲ ਸਿੰਘ ਦੇ ਅਕਸ ਦੀ ਕਿਰਦਾਰਕੁਸ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧ ਵਿਚ ਪਾਰਟੀ ਦੀ ਮੀਟਿੰਗ ਕਰ ਕੇ ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਭਰ ਵਿਚ ਪੁਤਲੇ ਫੂਕਣ ਦਾ ਪ੍ਰੋਗਰਾਮ ਤੈਅ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਅਦਾਲਤ ਵਿਚ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਜਾਵੇਗਾ |