ਠੱਠੀ ਭਾਈ, 15 ਮਈ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਥਾਣਾ ਸਮਾਲਸਰ ਹੇਠਲੇ ਪਿੰਡ ਸੇਖਾ ਕਲਾਂ ਵਿਖੇ ਇਕ ਮਹੀਨੇ ਦੇ ਅੰਦਰ ਮੁੜ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਪਿੰਡ ਵਿਚ ਦਹਿਸ਼ਤ ਅਤੇ ਡਰ ਦਾ ਮਾਹੌਲ ਬਣ ਗਿਆ ਹੈ | ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ 12 ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ ਗਈਆਂ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਬੀਤੇ ਅਪ੍ਰੈਲ ਮਹੀਨੇ ਦੌਰਾਨ ਵੀ ਪਿੰਡ ਸੇਖਾ ਕਲਾਂ ਦੇ ਦਰਜਨਾਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਈਆਂ ਸਨ | ਇਸ ਸਬੰਧੀ 15 ਅਪ੍ਰੈਲ ਨੂੰ ਦੋ ਸ਼ੱਕੀ ਵਿਅਕਤੀ, ਜੋ ਪਿੰਡ ਬਰਗਾੜੀ ਨਾਲ ਸੰਬੰਧਿਤ ਦੱਸੇ ਜਾਂਦੇ ਹਨ, ਕਿਸਾਨਾਂ ਦੇ ਅੜਿੱਕੇ ਚੜ੍ਹ ਗਏ ਸਨ, ਜਿਨ੍ਹਾਂ ਨੂੰ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ | ਉਸ ਵੇਲੇ ਪੁਲਿਸ ਵਲੋਂ ਸਖ਼ਤ ਕਾਰਵਾਈ ਅਤੇ ਚੋਰੀਆਂ ਰੋਕਣ ਦੇ ਦਾਅਵੇ ਕੀਤੇ ਗਏ ਸਨ, ਪਰ ਹੁਣ ਠੀਕ ਇਕ ਮਹੀਨੇ ਬਾਅਦ ਮੁੜ ਹੋਈਆਂ ਚੋਰੀਆਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ | ਪੀੜਤ ਕਿਸਾਨਾਂ ਨੇ ਦੋਸ਼ ਲਾਇਆ ਕਿ ਚੋਰ ਬੇਖ਼ੌਫ ਹੋ ਕੇ ਲਗਾਤਾਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਦਕਿ ਪੁਲਿਸ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਨਾਕਾਮ ਸਾਬਤ ਹੋ ਰਹੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਖੇਤਾਂ ਵਿਚ ਜਾਣ ਤੋਂ ਵੀ ਲੋਕ ਡਰ ਮਹਿਸੂਸ ਕਰਨ ਲੱਗ ਪਏ ਹਨ ਅਤੇ ਪਿੰਡ ਵਿਚ ਮੁੜ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀਆਂ ਕਰਨ ਵਾਲੇ ਗਿਰੋਹਾਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਵਿਚ ਬਣਿਆ ਡਰ ਅਤੇ ਅਸੁਰੱਖਿਆ ਦਾ ਮਾਹੌਲ ਖ਼ਤਮ ਹੋ ਸਕੇ |