ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਵਾਧੇ ਨੂੰ ਭਾਜਪਾ ਦੇ ਜਨਰਲ ਸਕੱਤਰ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਕਿਸਾਨ ਹਿਤਾਂ ਲਈ ਇਕ ਮਹੱਤਵਪੂਰਨ ਅਤੇ ਸ਼ਲਾਘਾਯੋਗ ਫ਼ੈਸਲਾ ਕਰਾਰ ਦਿੰਦਿਆਂ ਇਸ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਖੇਤੀਬਾੜੀ ਨਾਲ ਜੁੜੀਆਂ ਵੱਧ ਰਹੀਆਂ ਲਾਗਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਦੇਣ ਵਾਲਾ ਸਾਬਤ ਹੋਵੇਗਾ ਅਤੇ ਸਾਉਣੀ ਸੀਜ਼ਨ ਦੌਰਾਨ ਵੱਖ-ਵੱਖ ਫ਼ਸਲਾਂ ਦੀ ਬਿਜਾਈ ਲਈ ਉਤਸ਼ਾਹ ਵਧਾਏਗਾ | ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨੀ ਨੂੰ ਮਜ਼ਬੂਤ ਬਣਾਉਣ ਲਈ ਫ਼ਸਲਾਂ ਦੇ ਲਾਭਕਾਰੀ ਭਾਅ ਬਹੁਤ ਜ਼ਰੂਰੀ ਹਨ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਮੁੱਖ ਫ਼ਸਲਾਂ ਦੇ ਭਾਅ ਵਿਚ ਕੀਤਾ ਗਿਆ ਵਾਧਾ ਇਹ ਦਰਸਾਉਂਦਾ ਹੈ ਕਿ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਖੇਤੀ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲੇਗਾ ਜਿਸ ਨਾਲ ਖੇਤੀ ਸੈਕਟਰ ਵਿਚ ਆਰਥਿਕ ਸਥਿਰਤਾ ਆਵੇਗੀ | ਉਨ੍ਹਾਂ ਕਿਹਾ ਕਿ ਖਾਦ ਬੀਜ ਡੀਜ਼ਲ ਅਤੇ ਹੋਰ ਖੇਤੀਬਾੜੀ ਸਾਧਨਾਂ ਦੀ ਵੱਧ ਰਹੀ ਲਾਗਤ ਕਾਰਨ ਕਿਸਾਨ ਲੰਮੇ ਸਮੇਂ ਤੋਂ ਫ਼ਸਲਾਂ ਦੇ ਭਾਅ ਵਿਚ ਵਾਧੇ ਦੀ ਉਮੀਦ ਕਰ ਰਹੇ ਸਨ ਅਤੇ ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਇਸ ਉਮੀਦ ਨੂੰ ਪੂਰਾ ਕੀਤਾ ਹੈ | ਸਾਬਕਾ ਐਸ.ਪੀ. ਸੰਧੂ ਨੇ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਖੇਤੀਬਾੜੀ ਨੂੰ ਲਾਭਕਾਰੀ ਧੰਦਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਂਦਿਆਂ ਫ਼ਸਲੀ ਵਿਭਿੰਨਤਾ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਰਵਾਇਤੀ ਫ਼ਸਲ ਚੱਕਰ ਤੋਂ ਇਲਾਵਾ ਹੋਰ ਲਾਭਕਾਰੀ ਵਿਕਲਪਾਂ ਨੂੰ ਵੀ ਅਪਣਾਇਆ ਜਾ ਸਕੇ |