ਠੱਠੀ ਭਾਈ, 17 ਮਈ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਹਿੰਗਾਈ ਨੇ ਪਹਿਲਾਂ ਹੀ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਕੀਤਾ ਹੋਇਆ ਹੈ ਅਤੇ ਹੁਣ ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨਾਲ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਲੱਕ ਟੁੱਟ ਜਾਵੇਗਾ | ਉਨ੍ਹਾਂ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਖੇਤੀਬਾੜੀ ਦੇ ਖਰਚੇ ਵਿਚ ਬੇਹਿਸਾਬ ਵਾਧਾ ਹੋਵੇਗਾ, ਜਿਸ ਕਾਰਨ ਕਿਸਾਨਾਂ ਲਈ ਫ਼ਸਲਾਂ ਦੀ ਬਿਜਾਈ, ਸਿੰਚਾਈ ਅਤੇ ਕਟਾਈ ਕਰਵਾਉਣਾ ਹੋਰ ਵੀ ਮਹਿੰਗਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਖਾਦਾਂ, ਬੀਜਾਂ ਅਤੇ ਕੀਟਨਾਸ਼ਕਾਂ ਦੀਆਂ ਵਧੀਆਂ ਕੀਮਤਾਂ ਕਾਰਨ ਪ੍ਰੇਸ਼ਾਨ ਹਨ ਅਤੇ ਹੁਣ ਡੀਜ਼ਲ ਦੀ ਮਹਿੰਗਾਈ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ | ਜਥੇਦਾਰ ਮਾਹਲਾ ਨੇ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ 'ਤੇ ਅਸਰ ਪਵੇਗਾ, ਕਿਉਂਕਿ ਆਵਾਜਾਈ ਮਹਿੰਗੀ ਹੋਣ ਕਾਰਨ ਰੋਜ਼ਮਰਾ ਦੀ ਵਰਤੋਂ ਵਾਲੀਆਂ ਚੀਜ਼ਾਂ ਦੇ ਰੇਟ ਵੀ ਵਧ ਜਾਣਗੇ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਲਗਾਤਾਰ ਮਹਿੰਗਾਈ ਦਾ ਬੋਝ ਪਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਤੁਰੰਤ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਟੈਕਸਾਂ ਵਿਚ ਕਟੌਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦੇਵੇ ਤਾਂ ਜੋ ਆਮ ਪਰਿਵਾਰਾਂ ਦਾ ਗੁਜ਼ਾਰਾ ਸੁਖਾਲਾ ਹੋ ਸਕੇ | ਜਥੇਦਾਰ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਹੇਗਾ ਅਤੇ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਡਟ ਕੇ ਸੰਘਰਸ਼ ਕਰੇਗਾ |