ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵਿਧਾਨ ਸਭਾ ਹਲਕਾ ਮੋਗਾ ਦੇ ਵਾਰਡ ਨੰਬਰ 9 ਵਿਚ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਇਸ ਤਹਿਤ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਵਾਰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸੀ ਏਜੰਡੇ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ | ਇਸ ਦੌਰਾਨ ਮਾਲਵਿਕਾ ਸੂਦ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਦੀਆਂ ਨੀਤੀਆਂ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਨਹੀਂ ਰਹਿੰਦੀਆਂ, ਸਗੋਂ ਜ਼ਮੀਨੀ ਪੱਧਰ 'ਤੇ ਲਾਗੂ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀਆਂ ਸਿਰਫ਼ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਭੁਲਾਵੇ ਵਿਚ ਪਾਉਂਦੀਆਂ ਹਨ, ਪਰ ਕਾਂਗਰਸ ਹਮੇਸ਼ਾ ਆਪਣੇ ਵਾਅਦਿਆਂ 'ਤੇ ਖਰੀ ਉੱਤਰਦੀ ਹੈ | ਚੋਣ ਪ੍ਰਚਾਰ ਦੌਰਾਨ ਇਕ ਮਹੱਤਵਪੂਰਨ ਰਾਜਨੀਤਕ ਘਟਨਾ ਵੀ ਸਾਹਮਣੇ ਆਈ, ਜਦੋਂ ਆਮ ਆਦਮੀ ਪਾਰਟੀ ਦੀ ਬਲਾਕ ਪ੍ਰਧਾਨ ਮਨਜੀਤ ਕੌਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਈ | ਮਾਲਵਿਕਾ ਸੂਦ ਨੇ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਮਨਜੀਤ ਕੌਰ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਈ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਕਿ ਕਾਂਗਰਸ ਪਾਰਟੀ ਹੀ ਉਹ ਪਾਰਟੀ ਹੈ ਜੋ ਲੋਕਾਂ ਦੇ ਹੱਕਾਂ ਲਈ ਸੱਚਮੁੱਚ ਖੜ੍ਹੀ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਜਾਬ ਦੇ ਵਿਕਾਸ ਲਈ ਕੰਮ ਕਰੇਗੀ | ਮਾਲਵਿਕਾ ਸੂਦ ਨੇ ਆਪਣੇ ਸੰਬੋਧਨ ਵਿਚ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾਇਆ ਜਾਵੇ | ਉਨ੍ਹਾਂ ਕਿਹਾ ਕਿ ਇਹ ਚੋਣਾਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹਨ ਅਤੇ ਕਾਂਗਰਸ ਦੀ ਜਿੱਤ ਨਾਲ ਹੀ ਮੋਗਾ ਵਿਚ ਵਿਕਾਸ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ |