ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਅਨੁਸਾਰ ਪਿੰਡ ਦੁੱਨੇਕੇ ਮੋਗਾ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕਿਆ ਗਿਆ | ਪੁਤਲਾ ਫੂਕਣ ਸਮੇਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਬਲਾਕ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਲੰਢੇਕੇ ਅਤੇ ਪ੍ਰਧਾਨ ਸੁਰਜੀਤ ਸਿੰਘ ਦੁੱਨੇਕੇ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਵਾਲੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀਆਂ ਨਾਲ ਸਬੰਧਿਤ ਅਤੇ ਹੋਰ ਮੰਗਾਂ ਮਨਵਾਉਣ ਲਈ ਮੁਹਾਲੀ ਨੇਚਰ ਪਾਰਕ ਵਿਖੇ ਰੈਲੀ ਕਰਨ ਉਪਰੰਤ ਜਦੋਂ ਕਿਸਾਨਾਂ ਨੇ ਰਾਜ ਭਵਨ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਤਾਂ ਜਿਉਂ ਹੀ ਮਾਰਚ ਚੰਡੀਗੜ੍ਹ ਦੀ ਹੱਦ ਵਿਚ ਦਾਖ਼ਲ ਹੋਇਆ ਤਾਂ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਰਾਜਪਾਲ ਵਲੋਂ ਚੰਡੀਗੜ੍ਹ ਪੁਲਿਸ ਨੂੰ ਕਿਸਾਨਾਂ 'ਤੇ ਅੱਤਿਆਚਾਰ ਕਰਨ ਦੀ ਖੁੱਲ੍ਹ ਦੇ ਦਿੱਤੀ ਗਈ | ਚੰਡੀਗੜ੍ਹ ਪੁਲਿਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ, ਜਲ ਤੋਪਾਂ ਰਾਹੀਂ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰੀਆਂ ਗਈਆਂ ਅਤੇ ਕਈ ਕਿਸਾਨਾਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਗਿਆ ਸੀ | ਕੇਂਦਰ ਸਰਕਾਰ ਵਲੋਂ ਸਮੇਂ ਤੋਂ ਪੰਜਾਬ ਨਾਲ ਕੀਤੇ ਜਾ ਰਹੇ ਧੱਕਿਆਂ ਦੇ ਖ਼ਿਲਾਫ਼ ਸੰਘਰਸ਼ ਕਰਨਾ ਕਿਸਾਨਾਂ ਦਾ ਜਮਹੂਰੀ ਅਧਿਕਾਰ ਹੈ | ਕਿਸਾਨਾਂ ਦੀ ਮੰਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਬਹਾਲ ਕੀਤੀ ਜਾਵੇ, ਪਾਣੀ ਦਾ ਮਸਲਾ ਰੀਪੇਰੀਅਨ ਸਿਧਾਂਤ ਅਨੁਸਾਰ ਸਬੰਧਿਤ ਰਾਜਾਂ ਨਾਲ ਗੱਲਬਾਤ ਕਰ ਕੇ ਹੱਲ ਕੀਤਾ ਜਾਵੇ, ਡੈਮਾਂ 'ਤੇ ਸੂਬਿਆਂ ਦੇ ਮਾਲਕੀ ਹੱਕ ਖੋਹਣ ਵਾਲੇ ਸੇਫ਼ਟੀ ਐਕਟ ਨੂੰ ਰੱਦ ਕੀਤਾ ਜਾਵੇ, ਐਮ.ਐਸ.ਪੀ. ਤੋਂ ਘੱਟ ਖ਼ਰੀਦ ਕਰਨ ਨੂੰ ਸਜ਼ਾ ਯੋਗ ਅਪਰਾਧ ਮੰਨਿਆ ਜਾਵੇ, ਕੇਂਦਰ ਸਰਕਾਰ ਵਲੋਂ ਸਹਿਕਾਰਤਾ ਵਿਭਾਗ ਦਾ ਕੇਂਦਰੀਕਰਨ ਕਰਨਾ ਬੰਦ ਕੀਤਾ ਜਾਵੇ | ਜੇਕਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਅਰਥੀ ਸਾੜ ਪ੍ਰੋਗਰਾਮ ਸਮੇਂ ਕਪਤਾਨ ਸਿੰਘ, ਭੁਪਿੰਦਰ ਸਿੰਘ, ਕਰਨੈਲ ਸਿੰਘ, ਅਮਨਦੀਪ ਸਿੰਘ ਅਤੇ ਹੋਰ ਕਿਸਾਨ ਸ਼ਾਮਿਲ ਸਨ |