ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਵਲੋਂ ਡੇਂਗੂ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਡਾ. ਨਰੇਸ਼ ਆਮਲਾ ਮੀਡੀਆ ਵਿੰਗ ਸਿਹਤ ਵਿਭਾਗ ਤੋ ਹਰਜਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਮਲੇਰੀਆ ਕਰਮਚਾਰੀ ਅਤੇ ਪਿ੍ੰਸੀਪਲ ਮਨਪ੍ਰੀਤ ਕੌਰ ਵੀ ਹਾਜ਼ਰ ਸਨ | ਇਸ ਮੌਕੇ ਡਾ. ਅਸ਼ੋਕ ਸਿੰਗਲਾ ਨੇ ਕਿਹਾ ਕਿ ਡੇਂਗੂ ਇਕ ਖ਼ਤਰਨਾਕ ਬਿਮਾਰੀ ਹੈ, ਜੋ ਇੰਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ | ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਗਮਲਿਆਂ ਦਾ ਪਾਣੀ ਹਰ ਹਫ਼ਤੇ ਬਦਲਣ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ |