ਠੱਠੀ ਭਾਈ, 19 ਮਈ (ਜਗਰੂਪ ਸਿੰਘ ਮਠਾੜੂ)-ਪ੍ਰਸ਼ਾਸਨ ਦੀ ਅਣਗਹਿਲੀ ਅਤੇ ਸਬੰਧਿਤ ਵਿਭਾਗਾਂ ਦੀ ਲਾਪਰਵਾਹੀ ਕਾਰਨ ਪਿੰਡ ਸੁਖਾਨੰਦ ਅਤੇ ਵਾਂਦਰ ਨੂੰ ਜੋੜਨ ਵਾਲੀ ਲਿੰਕ ਸੜਕ ਉੱਪਰ ਡਰੇਨ 'ਤੇ ਬਣਿਆ ਟੇਢਾ-ਮੇਢਾ ਪੁਲ ਇਲਾਕੇ ਦੇ ਲੋਕਾਂ ਲਈ ਵੱਡਾ ਖਤਰਾ ਬਣਿਆ ਹੋਇਆ ਹੈ¢ ਪੁਲ ਦੀ ਬਣਤਰ ਇਸ ਕਦਰ ਖਰਾਬ ਅਤੇ ਟੇਢੀ ਹੈ ਕਿ ਇੱਥੇ ਹਰ ਵੇਲੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ¢ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਪੁਲ ਹੁਣ ਮੌਤ ਦਾ ਪੁਲ ਬਣ ਚੁੱਕਾ ਹੈ ਕਿਉਂਕਿ ਇੱਥੇ ਵਾਪਰੇ ਹਾਦਸਿਆਂ ਦੌਰਾਨ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ¢ ਸਥਾਨਕ ਲੋਕਾਂ ਮੁਤਾਬਕ ਇਹ ਪੁਲ ਸ਼ੁਰੂ ਤੋਂ ਹੀ ਤਕਨੀਕੀ ਖਾਮੀਆਂ ਨਾਲ ਬਣਾਇਆ ਗਿਆ ਸੀ¢ ਪੁਲ ਦਾ ਮੋੜ ਇੰਨਾਂ ਖਤਰਨਾਕ ਹੈ ਕਿ ਵੱਡੇ ਵਾਹਨਾਂ ਦੇ ਨਾਲ-ਨਾਲ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਵੀ ਲੰਘਣ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ¢ ਰਾਤ ਸਮੇਂ ਹਾਦਸੇ ਹੋਣ ਦਾ ਖਤਰਾ ਕਈ ਗੁਣਾ ਵਧ ਜਾਂਦਾ ਹੈ¢ ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਪੁਲ ਦੀ ਉਸਾਰੀ ਦੌਰਾਨ ਮਿਆਰੀ ਸਮਗਰੀ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਨਾ ਹੀ ਸੁਰੱਖਿਆ ਦੇ ਪੂਰੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਿਆ ਗਿਆ¢ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਇਸ ਮਾਮਲੇ ਸਬੰਧੀ ਪ੍ਰਸ਼ਾਸਨ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਪਰ ਹਰ ਵਾਰ ਭਰੋਸਿਆਂ ਤੋਂ ਇਲਾਵਾ ਕੁਝ ਵੀ ਹਾਸਲ ਨਹੀਂ ਹੋਇਆ¢ ਇਲਾਕਾ ਨਿਵਾਸੀਆਂ ਅਨੁਸਾਰ ਇਸ ਟੇਢੇ ਪੁਲ ਕਾਰਨ ਕਈ ਦੋਪਹੀਆ ਅਤੇ ਚਾਰ ਪਹੀਆ ਵਾਹਨ ਡਰੇਨ ਵਿਚ ਡਿਗ ਚੁੱਕੇ ਹਨ, ਜਿਨ੍ਹਾਂ ਵਿਚ ਕਈ ਲੋਕਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ ਅਤੇ ਅਨੇਕਾਂ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ¢ ਇਸ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਗਏ¢ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਇਸ ਪੁਲ ਨੂੰ ਸਿੱਧੇ ਕਰਕੇ ਨਾ ਬਣਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ¢ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਕਾਰਵਾਈ ਨਾ ਹੋਈ ਤਾਂ ਇਲਾਕੇ ਦੇ ਲੋਕ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ ¢ ਦੂਜੇ ਪਾਸੇ ਪ੍ਰਸ਼ਾਸਨ ਦੀ ਚੁੱਪੀ ਲੋਕਾਂ 'ਚ ਰੋਸ ਪੈਦਾ ਕਰ ਰਹੀ ਹੈ ¢ ਇਲਾਕਾ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਪੁਲ ਨੂੰ ਸਿੱਧਾ ਕਰਕੇ ਬਣਾਇਆ ਜਾਵੇ |