25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਡਿਪਟੀ ਕਮਿਸ਼ਨਰ ਵਲੋਂ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਸਪਲਾਈ ਦਾ ਜਾਇਜ਼ਾ

ਅਜੀਤ ਡੈਸਕ 20-05-2026
ਮੋਗਾ, 19 ਮਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਵਿਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਸਪਲਾਈ ਅਤੇ ਡਲਿਵਰੀ ਦੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਸਮੀਖਿਆ ਕੀਤੀ ਗਈ | ਮੀਟਿੰਗ ਵਿਚ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈਜ਼ ਕੰਟਰੋਲਰ ਮੋਗਾ ਅਤੇ ਵੱਖ-ਵੱਖ ਤੇਲ ਮਾਰਕੀਟਿੰਗ ਕੰਪਨੀਆਂ ਦੇ ਅਧਿਕਾਰੀਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਆਇਲ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਮੋਗਾ ਵਿਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵੀ ਪੈਟਰੋਲ ਪੰਪ 'ਤੇ ਪੈਟਰੋਲ ਅਤੇ ਡੀਜ਼ਲ ਦੀ ਕਮੀ ਨਹੀਂ ਹੈ | ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ 'ਤੇ ਕੋਈ ਪਾਬੰਦੀ ਨਹੀਂ ਹੈ, ਹਾਲਾਂ ਕਿ ਗੈਰ ਅਧਿਕਾਰਤ ਕੰਟੇਨਰਾਂ ਵਿਚ ਤੇਲ ਦੀ ਵਿੱਕਰੀ ਅਤੇ ਲੋੜ ਤੋਂ ਵੱਧ ਤੇਲ ਦੀ ਵਿੱਕਰੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ | ਕੰਪਨੀਆਂ ਦੇ ਅਧਿਕਾਰੀਆਂ ਵਲੋਂ ਇਹ ਵੀ ਦੱਸਿਆ ਗਿਆ ਕਿ ਕੁਝ ਪੈਟਰੋਲ ਪੰਪਾਂ ਨੂੰ ਐਡਵਾਂਸ ਭੁਗਤਾਨ ਪ੍ਰਣਾਲੀ ਕਾਰਨ ਅਸਥਾਈ ਦਿੱਕਤਾਂ ਆਈਆਂ ਹਨ, ਪਰ ਸਾਰੇ ਪੰਪਾਂ ਨੂੰ ਲੋੜ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਜਿਹੜੇ ਪੰਪਾਂ ਤੇ ਤੇਲ ਦਾ ਸਟਾਕ ਖ਼ਤਮ ਹੋਣ ਦੀ ਸਥਿਤੀ ਵਿਚ ਹਨ, ਉਨ੍ਹਾਂ ਨੂੰ ਤਰਜੀਹ ਦੇ ਆਧਾਰ 'ਤੇ ਸਪਲਾਈ ਕੀਤੀ ਜਾ ਰਹੀ ਹੈ | ਘਰੇਲੂ ਗੈਸ ਦੀ ਸਪਲਾਈ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਗੈਸ ਸਿਲੰਡਰਾਂ ਦੀ ਸਪਲਾਈ ਵੀ ਨਿਯਮਿਤ ਤੌਰ 'ਤੇ ਜਾਰੀ ਹੈ | ਭਾਰਤ ਗੈਸ, ਐਚ.ਪੀ. ਗੈਸ ਅਤੇ ਇੰਡੇਨ ਗੈਸ ਏਜੰਸੀਆਂ ਵਲੋਂ ਰੋਜ਼ਾਨਾ ਹਜ਼ਾਰਾਂ ਗੈਸ ਸਿਲੰਡਰ ਖਪਤਕਾਰਾਂ ਤੱਕ ਪਹੁੰਚਾਏ ਜਾ ਰਹੇ ਹਨ | ਕੁਝ ਦਿਨ ਪਹਿਲਾਂ ਪੈਨਿਕ ਬੁਕਿੰਗ ਕਾਰਨ ਡਲਿਵਰੀ ਵਿਚ ਦੇਰੀ ਹੋਈ ਸੀ, ਪਰ ਹੁਣ ਸਥਿਤੀ ਵਿੱਚ ਕਾਫੀ ਸੁਧਾਰ ਆਇਆ ਹੈ | ਡਿਪਟੀ ਕਮਿਸ਼ਨਰ ਮੋਗਾ ਨੇ ਸਮੂਹ ਆਇਲ ਮਾਰਕੀਟਿੰਗ ਕੰਪਨੀਆਂ ਅਤੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ੍ਹ ਵਿਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਤੇਲ ਜਾਂ ਗੈਸ ਦੀ ਬੇਲੋੜੀ ਸਟਾਕਿੰਗ ਜਾਂ ਪੈਨਿਕ ਬੁਕਿੰਗ ਤੋਂ ਗੁਰੇਜ਼ ਕੀਤਾ ਜਾਵੇ |
ਪਿਛਲੀ ਖ਼ਬਰ ਮਾਣੂੰਕੇ 'ਚ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪ੍ਰਧਾਨ ਸਾਹੋਕੇ ਦੇ ਹੱਕ 'ਚ ਮੀਟਿੰਗ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਪਿੰਡ-ਪਿੰਡ ਨੁੱਕੜ ਮੀਟਿੰਗਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।