ਮੋਗਾ, 4 ਜੂਨ (ਗੁਰਤੇਜ ਸਿੰਘ ਬੱਬੀ)-ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਸੋ ਅਪਰੇਸ਼ਨ ਦੌਰਾਨ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਡਰੱਗ ਹਾਟ ਸਪਾਟ ਥਾਵਾਂ ‘ਤੇ ਸਰਚ ਅਭਿਆਨ ਦੌਰਾਨ ਸ਼ਰਾਬ ਦੇ ਦੋ ਮੁਕੱਦਮੇ ਦਰਜ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ 27 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਨਿਹਾਲ ਸਿੰਘ ਵਾਲਾ ਏਰੀਏ ਵਿਚ ਚੋਰੀਆਂ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਦੋ ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਇਕ ਹਫ਼ਤੇ ਵਿਚ 6 ਮੁਕੱਦਮੇ ਦਰਜ ਕਰਕੇ 7 ਦੋਸ਼ੀਆਂ ਨੂੰ ਕਾਬੂ ਕਰਕੇ 167 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੇ 6 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸਾ ਵਿਰੋਧੀ ਮੁਹਿੰਮ ਵਿਚ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਪਿੰਡਾਂ ਦੇ ਪਤਵੰਤਿਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਹੈ ਕਿ ਉਹ ਨਸ਼ਾ ਤਸਕਰੀ ਬੰਦ ਕਰ ਦੇਣ ਨਹੀਂ ਤਾਂ ਜਲਦੀ ਸਲਾਖ਼ਾਂ ਪਿੱਛੇ ਹੋਣਗੇ ਅਤੇ ਕਿਸੇ ਵੀ ਨਸ਼ਾ ਸਮਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ।