ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਸੀਨੀਅਰ ਆਗੂ ਹਰਮਿੰਦਰ ਉੱਪਲ, ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਸਹਾਇਕ ਵਿੱਤ ਸਕੱਤਰ ਸੁਖਰਾਜ ਸਿੰਘ ਬੁੱਟਰ, ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ, ਅਮਰਵੀਰ ਸਿੰਘ ਗੁਰਦਾਸਪੁਰ, ਬਲਜਿੰਦਰ ਸ਼ਾਂਤਪੁਰੀ, ਜਥੇਬੰਦਕ ਸਕੱਤਰ ਹਰਸੇਵਕ ਸਿੰਘ ਸਾਧੂਵਾਲਾ, ਸੂਬਾ ਪ੍ਰੈੱਸ ਸਕੱਤਰ ਰਾਜਪਾਲ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਵਾਉਣ ਵਾਸਤੇ ਅੱਜ 5 ਜੂਨ ਨੂੰ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਹੈ। ਮੀਟਿੰਗ ਵਿਚ ਸੂਬੇ ਦੇ ਸਾਰੇ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਜਰਨਲ ਸਕੱਤਰ ਅਤੇ ਸਟੇਟ ਕਮੇਟੀ ਮੈਂਬਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮਾਸਟਰ ਕੇਡਰ ਯੂਨੀਅਨ ਪੰਜਾਬ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਵਾਉਣ ਵਾਸਤੇ ਸੰਘਰਸ਼ਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਮਾਸਟਰ ਕੇਡਰ ਯੂਨੀਅਨ ਦੇ ਸੂਬਾ ਆਗੂਆਂ ਨੇ ਹੋਰ ਵਿਸਥਾਰ ਵਿਚ ਦੱਸਿਆ ਹੈ ਕਿ ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ। ਜਿੱਥੇ ਪੰਜਾਬ ਸਰਕਾਰ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੇਣ ਤੋਂ ਸਰਕਾਰ ਭੱਜ ਰਹੀ ਹੈ ਉੱਥੇ ਪੇਂਡੂ ਭੱਤਾ, ਬਾਰਡਰ ਅਲਾਉਂਸ, ਪੁਰਾਣੀ ਪੈਨਸ਼ਨ, ਏ.ਸੀ.ਪੀ. ਆਦਿ ਵਿੱਤੀ ਮੰਗਾਂ ਨੂੰ ਵੀ ਸਰਕਾਰ ਵਲੋਂ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਡਿਊਟੀਆਂ ਕਰਵਾ ਕੇ ਅਧਿਆਪਕਾਂ ਨੂੰ ਮਾਨਸਿਕ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਕ੍ਰਾਂਤੀ ਦਾ ਨਾਅਰਾ ਲੈ ਕੇ ਆਉਣ ਵਾਲੀ ਸਰਕਾਰ ਹਰ ਫ਼ੀਲਡ ਵਿਚ ਫ਼ੇਲ੍ਹ ਹੋ ਚੁੱਕੀ ਹੈ। ਬੇਲੋੜੇ ਪ੍ਰੋਜੈਕਟ ਸ਼ੁਰੂ ਕਰ ਕੇ ਸਿੱਖਿਆ ਦਾ ਨਾਸ਼ ਮਾਰ ਚੁੱਕੀ ਸਰਕਾਰ ਅਧਿਆਪਕਾਂ ‘ਤੇ ਮਾਨਸਿਕ ਬੋਝ ਨੂੰ ਬੜ੍ਹਾਵਾ ਦੇ ਰਹੀ ਹੈ। ਇਨ੍ਹਾਂ ਸਾਰਿਆਂ ਮਸਲਿਆਂ ਨੂੰ ਨਜਿੱਠਣ ਵਾਸਤੇ ਪੰਜਾਬ ਸਰਕਾਰ ਖ਼ਿਲਾਫ਼ ਮਾਸਟਰ ਕੇਡਰ ਯੂਨੀਅਨ ਵਲੋਂ 5 ਜੂਨ ਦੀ ਮੀਟਿੰਗ ਵਿਚ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ ਅਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਆਉਣ ਵਾਲੇ ਦਿਨਾਂ ਵਿਚ ਵਿੱਢੇ ਜਾਣਗੇ। .