ਠੱਠੀ ਭਾਈ, 5 ਜੂਨ (ਜਗਰੂਪ ਸਿੰਘ ਮਠਾੜੂ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਭਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤੀ ਜਾ ਰਹੀ ਹੈ | ਇਸ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਤਜਰਬੇਕਾਰ ਅਤੇ ਸੀਨੀਅਰ ਪਾਰਟੀ ਨੇਤਾਵਾਂ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਸੂਬਾ ਹਾਈ ਕਮਾਨ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਮੋਗਾ ਜ਼ਿਲੇ੍ਹ ਦੇ ਸਾਬਕਾ ਪ੍ਰਧਾਨ, ਮੁਕਤਸਰ ਵਿਧਾਨ ਸਭਾ ਹਲਕੇ ਦੇ ਸਹਾਇਕ ਇੰਚਾਰਜ ਅਤੇ ਸੂਬਾ ਕਾਰਜਕਾਰੀ ਮੈਂਬਰ ਵਿਨੇ ਸ਼ਰਮਾ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਐਸ.ਆਈ.ਆਰ. ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਸ ਨਿਯੁਕਤੀ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਅਤੇ ਅਧਿਆਪਕ ਸੈੱਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਧਾਲੀਵਾਲ ਨੇ ਵਿਨੇ ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਪ੍ਰਗਟਾਇਆ ਕਿ ਉਹ ਆਪਣੀ ਸੰਗਠਨਾਤਮਿਕ ਯੋਗਤਾ ਅਤੇ ਲੰਮੇ ਰਾਜਨੀਤਿਕ ਤਜਰਬੇ ਦੇ ਆਧਾਰ 'ਤੇ ਇਸ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ | ਮੋਗਾ ਜ਼ਿਲੇ੍ਹ ਅੰਦਰ ਵਿਨੇ ਸ਼ਰਮਾ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ | ਵੱਖ-ਵੱਖ ਆਗੂਆਂ ਨੇ ਇਸ ਨਿਯੁਕਤੀ ਨੂੰ ਪਾਰਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਮਰਪਣ ਦਾ ਸਨਮਾਨ ਕਰਾਰ ਦਿੱਤਾ ਹੈ | ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ |