ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪਟਿਆਲਾ ਵਿਖੇ ਲਾਈਨਮੈਨ ਆਪੇ੍ਰਟਰਾਂ ਉੱਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਸੁੱਖ ਗਿੱਲ ਮੋਗਾ ਨੇ ਕਿਹਾ ਕਿ ਆਪਣੀਆਂ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਲਾਈਨਮੈਨ ਆਪੇ੍ਰਟਰਾਂ ਦੀ ਆਵਾਜ਼ ਸੁਣਨ ਦੀ ਬਜਾਏ ਸਰਕਾਰ ਨੇ ਉਨ੍ਹਾਂ 'ਤੇ ਜ਼ਬਰ ਦਾ ਰਾਹ ਅਪਣਾਇਆ ਹੈ, ਜੋ ਲੋਕਤੰਤਰ ਦੇ ਮੁੱਢਲੇ ਸਿਧਾਂਤਾਂ ਦੇ ਖ਼ਿਲਾਫ਼ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲਾਠੀਚਾਰਜ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਜ਼ਖ਼ਮੀ ਮੁਲਾਜ਼ਮਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਈਨਮੈਨ ਆਪੇ੍ਰਟਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ |