ਮੋਗਾ, 7 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ | ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਅਰਦਾਸ ਕੀਤੀ ਗਈ | ਵਿਦਿਆਰਥਣਾਂ ਵਲੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਭਾਸ਼ਣ ਪੇਸ਼ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੋਂ ਸੇਵਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਸੇਵਾ ਦੀ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਧਾਰਮਿਕ ਅਧਿਆਪਕ ਰਾਜਵਿੰਦਰ ਸਿੰਘ ਵਲੋਂ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |