ਮੋਗਾ, 10 ਜੂਨ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਮੋਗਾ ਵਿਧਾਨ ਸਭਾ ਹਲਕੇ ਦੀ ਇੰਚਾਰਜ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਇਸ ਵੱਡੀ ਜਿੱਤ ਲਈ ਪਾਰਟੀ ਵਲੋਂ ਹੁਣੇ ਤੋਂ ਹੀ ਮੈਦਾਨੀ ਪੱਧਰ 'ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋ ਰਿਹਾ ਹੈ | ਮਾਲਵਿਕਾ ਸੂਦ ਨੇ ਕਿਹਾ ਕਿ ਉਹ ਸਿਰਫ਼ ਇਕ ਰਾਜਨੀਤਕ ਆਗੂ ਹੀ ਨਹੀਂ, ਸਗੋਂ ਇਕ ਸਮਾਜ ਸੇਵੀ ਵਜੋਂ ਵੀ ਮੋਗਾ ਹਲਕੇ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਗੂੜ੍ਹਾ ਨਾਤਾ ਬਣਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਇਸ ਵਾਰ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਵਿਚ ਨਹੀਂ ਆਉਣਗੇ ਅਤੇ ਸੂਝਬੂਝ ਨਾਲ ਆਪਣਾ ਫ਼ੈਸਲਾ ਲੈਣਗੇ | ਮਾਲਵਿਕਾ ਸੂਦ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣਾ ਚਾਹੁੰਦੇ ਹਨ | ਅਖੀਰ ਵਿਚ ਮਾਲਵਿਕਾ ਸੂਦ ਨੇ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ |