09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮਰਨ ਵਰਤ ਉੱਪਰ ਬੈਠੇ ਕਿਸਾਨ ਭਜਨ ਸਿੰਘ ਚੱਕ ਭੋਰਾ ਦਾ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ ਗਰੁੱਪ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 30-06-2026
ਧਰਮਕੋਟ, 29 ਜੂਨ (ਪਰਮਜੀਤ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ (ਬਹਿਰੂ ਗਰੁੱਪ) ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਬੱਡੂਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦਬੁਰਜੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ, ਖੇਤੀਬਾੜੀ ਨਾਲ ਜੁੜੇ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਤਾਂ ਜੋ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਨਾ ਅਪਣਾਉਣਾ ਪਵੇ। ਮੀਟਿੰਗ ਦੌਰਾਨ ਬੀਤੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਜੁਝਾਰੂ ਕਿਸਾਨ ਆਗੂ ਭਜਨ ਸਿੰਘ ਚੱਕ ਭੋਰਾ ਦਾ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਗੂਆਂ ਨੇ ਉਨ੍ਹਾਂ ਦੇ ਸੰਘਰਸ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਹੱਕਾਂ ਲਈ ਦ੍ਰਿੜ੍ਹ ਇਰਾਦੇ ਨਾਲ ਲੜਾਈ ਲੜੀ ਹੈ, ਜੋ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਇੰਡੀਅਨ ਫਾਰਮਰ ਐਸੋਸੀਏਸ਼ਨ ਬਹਿਰੂ ਗਰੁੱਪ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਮਰਨ ਵਰਤ ਦੌਰਾਨ ਪ੍ਰਸ਼ਾਸਨ ਵਲੋਂ ਕਿਸਾਨ ਆਗੂ ਭਜਨ ਸਿੰਘ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਬੰਨ੍ਹ ਉੱਪਰ ਮਿੱਟੀ ਪਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਪ੍ਰਸ਼ਾਸਨ ਵਲੋਂ ਕੀਤੇ ਗਏ ਵਾਅਦਿਆਂ ‘ਤੇ ਪੂਰੀ ਨਜ਼ਰ ਰੱਖੇਗੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਆਪਣੇ ਭਰੋਸੇ ਅਨੁਸਾਰ ਕੰਮ ਨਾ ਕੀਤਾ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਇੰਡੀਅਨ ਫਾਰਮਰ ਐਸੋਸੀਏਸ਼ਨ ਬਹਿਰੂ ਗਰੁੱਪ ਵਲੋਂ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਪੈਦਾ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਹਾਲਾਤ ਜਾਂ ਨੁਕਸਾਨ ਦੀ ਪੂਰੀ ਜ਼ਿੰਮੇਵਾਰੀ ਧਰਮਕੋਟ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਮੋਗਾ ਦੀ ਹੋਵੇਗੀ। ਮੀਟਿੰਗ ਦੇ ਅੰਤ ਵਿਚ ਐਸੋਸੀਏਸ਼ਨ ਦੇ ਆਗੂਆਂ ਨੇ ਕਿਸਾਨਾਂ ਨੂੰ ਇਕਜੁੱਟ ਰਹਿਣ ਅਤੇ ਆਪਣੇ ਹੱਕਾਂ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਰਣਜੀਤ ਸਿੰਘ ਆਕੜ ਜ਼ਿਲ੍ਹਾ ਪ੍ਰਧਾਨ ਪਟਿਆਲਾ, ਗੁਰਮੀਤ ਸਿੰਘ ਪ੍ਰੈੱਸ ਸਕੱਤਰ, ਬਲਿਹਾਰ ਸਿੰਘ ਮੁੱਖ ਖ਼ਜ਼ਾਨਚੀ, ਪਰਮਜੀਤ ਸਿੰਘ ਮੀਤ ਪ੍ਰਧਾਨ, ਬੂਟਾ ਸਿੰਘ, ਅਰਵਿੰਦਰ ਸਿੰਘ ਇਕਾਈ ਪ੍ਰਧਾਨ ਬੱਡੂਵਾਲ, ਕਰਨੈਲ ਸਿੰਘ ਫ਼ੌਜੀ ਬੱਡੂਵਾਲ, ਸੱਜਣ ਸਿੰਘ, ਬਲਕਾਰ ਸਿੰਘ ਸ਼ਾਹ ਵਾਲਾ, ਗਿਆਨ ਸਿੰਘ ਧਰਮਕੋਟ, ਸੁਰਿੰਦਰ ਸਿੰਘ ਬੱਡੂਵਾਲ, ਭਜਨ ਸਿੰਘ, ਗੁਰਸ਼ਰਨ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ ਚੱਕ ਭੌਰਾ, ਬਿਕਰਮ ਸਿੰਘ ਸੁਸਾਇਟੀ ਕੰਨੀਆਂ, ਗਿਆਨ ਸਿੰਘ ਚੱਕ ਕੰਨੀਆਂ ਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਭਗਵੰਤ ਮਾਨ ਦੀ ਭਲੂਰ ਲੋਕ ਮਿਲਣੀ ਤੋਂ ਪਹਿਲਾਂ ਕਿਸਾਨ, ਮਜ਼ਦੂਰ, ਅਧਿਆਪਕ ਤੇ ਨੌਜਵਾਨ ਆਗੂ ਪੁਲਿਸ ਵਲੋਂ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਚੜ੍ਹਤ ਨੂੰ ਦੇਖ ਕੇ ਵਿਰੋਧੀ ਘਬਰਾਏ, ਬਦਨਾਮ ਕਰਨ ਲਈ ਘਟੀਆ ਸਿਆਸਤ ’ਤੇ ਉੱਤਰੇ-ਗਗਨਦੀਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।