11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ, ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ

ਅਜੀਤ ਡੈਸਕ 17-07-2026

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੇ ਸੂਬਾ ਸਕੱਤਰ ਜਗਸੀਰ ਸਿੰਘ ਖੋਸਾ ਨੇ ਬੀਤੇ ਕੱਲ੍ਹ ਖੰਨਾ ਵਿਖੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਦੇ ਘਰ ਅੱਗੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨਰੇਗਾ ਕਰਮਚਾਰੀਆਂ ‘ਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਆਪਣੀਆਂ ਜਾਇਜ਼ ਮੰਗਾਂ ਉਠਾਉਣ ਵਾਲੇ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਪੰਜਾਬ ਸਰਕਾਰ ਨੂੰ ਦਮਨ ਦਾ ਰਾਹ ਛੱਡ ਕੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿਚ ਨਰੇਗਾ ਦੇ ਕੰਮ ਬੰਦ ਪਏ ਹਨ, ਜਿਸ ਕਾਰਨ ਮਜ਼ਦੂਰ ਮਾਰੇ ਮਾਰੇ ਫਿਰ ਰਹੇ ਹਨ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਜਗਸੀਰ ਸਿੰਘ ਖੋਸਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਵੀਕਾਰ ਕੀਤਾ ਜਾਵੇ ਅਤੇ ਪੰਜਾਬ ਭਰ ਵਿਚ ਬੰਦ ਪਏ ਨਰੇਗਾ (ਜੀ ਰਾਮ ਜੀ) ਦੇ ਕੰਮ ਤੁਰੰਤ ਸ਼ੁਰੂ ਕੀਤੇ ਜਾਣ ਤਾਂ ਜੋ ਪੇਂਡੂ ਮਜ਼ਦੂਰਾਂ ਨੂੰ ਰੋਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਨਰੇਗਾ ਦਾ ਕੰਮ ਬੰਦ ਹੋਣ ਕਾਰਨ ਹਜ਼ਾਰਾਂ ਮਜ਼ਦੂਰ ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਮਨਕਾਰੀ ਰਵੱਈਆ ਛੱਡ ਕੇ ਕਰਮਚਾਰੀਆਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਸੂਬੇ ਭਰ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਵਾਤਾਵਰਨ ਸੰਭਾਲ ਦਾ ਸੰਦੇਸ਼ ਦੇਣ ਲਈ ਟੀ.ਐਲ.ਐਫ. ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਦਾ ਅਹਿਮ ਹਿੱਸਾ ਬਣੇਗੀ ਅੱਜ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ-ਮੁਖ਼ਤਿਆਰ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।