ਫਤਿਹਗੜ੍ਹ ਪੰਜਤੂਰ, 26 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਬੀਤੀ ਸ਼ਾਮ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਿਖਾਈ ਗਈ। ਪਿੰਡ ਧਰਮ ਸਿੰਘ ਵਾਲਾ ਤੇ ਕਿਲੀ ਗਾਂਦਰਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਦਾ ਲਾਹਾ ਲਿਆ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਫਿਲਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਇਹ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ ਤਾਂ ਜੋ ਖਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਵਿਖਾਈ
ਅਜੀਤ ਡੈਸਕ
27-07-2026