ਮੋਗਾ, 27 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਮੋਗਾ ਨੇ ਝਪਟ ਮਾਰ ਕਰਕੇ ਮੋਬਾਈਲ ਫ਼ੋਨ ਖੋਹਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸਾਊਥ ਦੀ ਅਗਵਾਈ ਵਿਚ ਪੁਲਿਸ ਪਾਰਟੀ ਗਸ਼ਤ ਲਗਾ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਚਿੱਤਰ ਸਿੰਘ ਉਰਫ਼ ਬੱਫੀ ਅਤੇ ਗੁਰਦਿੱਤ ਸਿੰਘ ਉਰਫ਼ ਗੀਤੂ ਹਾਲ ਆਬਾਦ ਵਾਸੀ ਨੇੜੇ ਝੁੱਗੀਆਂ ਬਹੋਨਾ ਚੌਂਕ ਮੋਗਾ ਜੋ ਕਿ ਝਪਟਮਾਰੀ ਅਤੇ ਖੋਹ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਉਹ ਚੋਰੀ ਕੀਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ ਤਾਂ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਉਕਤ ਦੋਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਖੋਹਿਆ ਹੋਇਆ ਮੋਬਾਈਲ ਫ਼ੋਨ ਅਤੇ ਚੋਰੀ ਕੀਤਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਚ ਅੰਡਰ ਸੈਕਸ਼ਨ 304, 112 ਬੀ.ਐਨ.ਐਸ. ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।