ਪੁਲਿਸ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੇ ਧਰਮਕੋਟ ’ਚ ਭ੍ਰਿਸ਼ਟਾਚਾਰ ਦੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ-ਮੱਖਣ ਬਰਾੜ
ਹਲਕੇ ’ਚ ਨਸ਼ਾ ਨਾ ਆਉਣ ਦੇਣ ਦੀ ਸਹੁੰ ਚੁੱਕਣ ਵਾਲੇ ਹੁਣ ਜ਼ਮੀਨੀ ਹਕੀਕਤ ਦਾ ਜਵਾਬ ਦੇਣ-ਨਿਹਾਲ ਸਿੰਘ ਭੁੱਲਰ
ਧਰਮਕੋਟ, 29 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਪਣੀ ਰਿਹਾਇਸ਼ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਲਕਾ ਧਰਮਕੋਟ ਵਿਚ ਪਿਛਲੇ ਸਮੇਂ ਦੌਰਾਨ ਪੁਲਿਸ ਅਧਿਕਾਰੀਆਂ ਖਿਲਾਫ ਵਿਜੀਲੈਂਸ ਬਿਊਰੋ ਵਲੋਂ ਕੀਤੀਆਂ ਕਾਰਵਾਈਆਂ ਅਤੇ ਹਲਕੇ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਉਠਾਏ।
ਧਰਮਕੋਟ, 29 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਪਣੀ ਰਿਹਾਇਸ਼ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਲਕਾ ਧਰਮਕੋਟ ਵਿਚ ਪਿਛਲੇ ਸਮੇਂ ਦੌਰਾਨ ਪੁਲਿਸ ਅਧਿਕਾਰੀਆਂ ਖਿਲਾਫ ਵਿਜੀਲੈਂਸ ਬਿਊਰੋ ਵਲੋਂ ਕੀਤੀਆਂ ਕਾਰਵਾਈਆਂ ਅਤੇ ਹਲਕੇ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਉਠਾਏ। ਮੱਖਣ ਬਰਾੜ ਨੇ ਕਿਹਾ ਕਿ ਹਲਕਾ ਧਰਮਕੋਟ ਨਾਲ ਸਬੰਧਿਤ ਥਾਣਿਆਂ ਵਿਚ ਤਾਇਨਾਤ ਰਹੇ ਤਿੰਨ ਇੰਸਪੈਕਟਰਾਂ ਖਿਲਾਫ ਵੱਖ-ਵੱਖ ਸਮਿਆਂ ਦੌਰਾਨ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਕਾਰਵਾਈ ਹੋਣਾ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿਚ ਥਾਣਾ ਧਰਮਕੋਟ ਦੇ ਤਤਕਾਲੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਖਿਲਾਫ ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਸਾਲ 2024 ਵਿਚ ਥਾਣਾ ਕੋਟ ਈਸੇ ਖਾਂ ਦੀ ਤਤਕਾਲੀ ਐਸ.ਐਚ.ਓ. ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਖਿਲਾਫ ਨਸ਼ਿਆਂ ਨਾਲ ਸਬੰਧਿਤ ਕੇਸ ਵਿਚ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ। ਹੁਣ ਪਿਛਲੇ ਦਿਨੀਂ ਕੋਟ ਈਸੇ ਖਾਂ ਦੀ ਐਸ.ਐਚ.ਓ. ਸੁਨੀਤਾ ਰਾਣੀ ਬਾਵਾ ਖਿਲਾਫ ਵਿਜੀਲੈਂਸ ਬਿਊਰੋ ਵਲੋਂ ₹50 ਹਜ਼ਾਰ ਦੀ ਰਿਸ਼ਵਤ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲੇ ਹਲਕੇ ਦੀ ਪੁਲਿਸ ਪ੍ਰਣਾਲੀ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਨੂੰ ਸਿਰਫ ਵਿਅਕਤੀਗਤ ਕਾਰਵਾਈ ਤੱਕ ਸੀਮਤ ਨਾ ਰੱਖਿਆ ਜਾਵੇ ਸਗੋਂ ਇਹ ਵੀ ਜਾਂਚਿਆ ਜਾਵੇ ਕਿ ਅਜਿਹੀਆਂ ਘਟਨਾਵਾਂ ਵਾਰ-ਵਾਰ ਕਿਉਂ ਸਾਹਮਣੇ ਆ ਰਹੀਆਂ ਹਨ। ਮੱਖਣ ਬਰਾੜ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਹਲਕਾ ਧਰਮਕੋਟ ਦੇ ਵਿਧਾਇਕ ਵਲੋਂ ਆਪਣੇ ਕਰੀਬੀ ਵਿਅਕਤੀ ਨੂੰ ਡੀ.ਐਸ.ਪੀ. ਧਰਮਕੋਟ ਦੇ ਮੁੱਖ ਰੀਡਰ ਦੇ ਅਹੁਦੇ ’ਤੇ ਤਾਇਨਾਤ ਰੱਖਣ ਲਈ ਕਥਿਤ ਤੌਰ ’ਤੇ ਪ੍ਰਭਾਵ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਉਕਤ ਅਧਿਕਾਰੀ ਖਿਲਾਫ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਉਸ ’ਤੇ ਮੌਜੂਦਾ ਡੀ.ਐਸ.ਪੀ. ਦੀ ਸ਼ਿਕਾਇਤ ਤੇ ਐਸ.ਐਸ.ਪੀ. ਵਲੋਂ ਕੀਤੀ ਗਈ ਸਸਪੈਂਡ ਕਰਨ ਦੀ ਕਾਰਵਾਈ ਵੀ ਚਰਚਾ ਦਾ ਵਿਸ਼ਾ ਬਣੀ ਹੈ। ਹਲਕੇ ਵਿਚ ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਮੱਖਣ ਬਰਾੜ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਧਰਮਕੋਟ ਵਿਚ ਨਸ਼ਾ ਨਾ ਵੜਨ ਦੇਣ ਦੀ ਸਹੁੰ ਖਾਣ ਵਾਲੇ ਦਾਅਵੇ ਕਿੱਥੇ ਗਏ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮਾਵਾਂ ਵਲੋਂ ਆਪਣੇ ਨੌਜਵਾਨ ਪੁੱਤਰਾਂ ਨੂੰ ਨਸ਼ਿਆਂ ਕਾਰਨ ਗੁਆਉਣ ਤੋਂ ਬਾਅਦ ਕੀਤੇ ਜਾ ਰਹੇ ਵਿਰਲਾਪ ਨੂੰ ਸਿਰਫ ਅੰਕੜਿਆਂ ਵਜੋਂ ਨਹੀਂ ਦੇਖਿਆ ਜਾ ਸਕਦਾ। ਇਹ ਪਰਿਵਾਰਾਂ ਦੀ ਜ਼ਿੰਦਗੀ ਨਾਲ ਜੁੜਿਆ ਗੰਭੀਰ ਮੁੱਦਾ ਹੈ ਅਤੇ ਸਰਕਾਰ ਨੂੰ ਇਸ ’ਤੇ ਜਵਾਬਦੇਹ ਹੋਣਾ ਚਾਹੀਦਾ ਹੈ। ਮੱਖਣ ਬਰਾੜ ਨੇ ਕਿਹਾ ਕਿ ਸਰਕਾਰ ਨੂੰ ਸਿਰਫ ਮੁਹਿੰਮਾਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।