ਪੰਜਾਬ ’ਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ-ਰਵੀ ਗਰੇਵਾਲ
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਲੜਾਈ ਲੜਦਾ ਮਾਨਸਾ ਦਾ ਪਰਵਿੰਦਰ ਸਿੰਘ ਝੋਟਾ ਆਪਣੀ ਲੜਾਈ ਹਾਰ ਗਿਆ ਅਤੇ ਉਸ ਦਾ ਇਕ ਨਸ਼ੇ ਦੀਆਂ ਗੋਲੀਆਂ ਵੇਚਣ ਵਾਲੇ ਦੁਕਾਨਦਾਰ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਨਾਲ ਪੰਜਾਬ ਸਰਕਾਰ ਦੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ ਅਤੇ ਇਸ ਘਟਨਾ ਨੇ ਸਾਬਤ ਕਰ ਦਿੱਤਾ ਕਿ ਸੂਬਾ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ , ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਧਰਮਕੋਟ ਦੇ ਸੇਵਾਦਾਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਅੱਗ ਦੀ ਭੱਠੀ ‘ਤੇ ਬੈਠਾ ਹੈ, ਪੰਜਾਬ ਵਿਚ ਗੁੰਡਾਰਾਜ ਹੈ, ਸ਼ਰੇਆਮ ਗੋਲੀਆਂ ਮਾਰ ਕੇ ਲੋਕਾਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ ਅਤੇ ਸੂਬੇ ਦੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿਚ ਜਿਉਂ ਰਹੇ ਹਨ ਅਤੇ ਸੂਬੇ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਚੁਟਕਲੇ ਸੁਣਾਉਣ ਤੋਂ ਸਿਵਾਏ ਕੁਝ ਨਹੀਂ ਸੰਵਾਰਿਆ।