ਟੀ. ਐਲ. ਐਫ. ਸਕੂਲ ’ਚ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ) ਵਲੋਂ ਪੋਕਸੋ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਦੇਸ਼-ਵਿਆਪੀ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ) ਵਲੋਂ ਪੋਕਸੋ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਦੇਸ਼-ਵਿਆਪੀ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.), ਮੋਗਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਮਾਣਯੋਗ ਨੀਲਮ ਅਰੋੜਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਮੋਗਾ ਅਤੇ ਸਿਮਰਨ ਸਿੰਘ, ਮਾਣਯੋਗ ਮੁੱਖ ਨਿਆਇਕ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸੈਮੀਨਾਰ ਦਾ ਮੁੱਖ ਵਿਸ਼ਾ ‘ਮੇਰਾ ਬਚਪਨ, ਮੇਰਾ ਅਧਿਕਾਰ’ ਰਿਹਾ। ਇਸ ਦੌਰਾਨ ਮਾਹਿਰਾਂ ਦੀ ਟੀਮ ਨੇ ਵਿਦਿਆਰਥੀਆਂ ਨਾਲ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਡਿਜੀਟਲ ਯੁੱਗ ਵਿਚ ਆਉਣ ਵਾਲੀਆਂ ਚੁਨੌਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਰਿਸੋਰਸ ਪਰਸਨਜ਼ ਗੁਰਜੀਤ ਸਿੰਘ ਹਾਂਡਾ, ਪੈਨਲ ਐਡਵੋਕੇਟ ਪਰਮਜੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ; ਏ.ਐਸ.ਆਈ. ਰਾਜਵਿੰਦਰ ਕੌਰ, ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਸਤਨਾਮ ਸਿੰਘ, ਪੈਰਾ ਲੀਗਲ ਵਲੰਟੀਅਰ ਨੇ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਸਾਈਬਰ ਬੁਲਿੰਗ ਦੇ ਖ਼ਤਰਿਆਂ, ਸੋਸ਼ਲ ਮੀਡੀਆ ਦੀ ਵਰਤੋਂ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਪੋਕਸੋ ਐਕਟ ਦੇ ਕਾਨੂੰਨੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਆਨਲਾਈਨ ਕਿਸੇ ਅਣਜਾਣ ਵਿਅਕਤੀ ਨਾਲ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਜਾਂ ਅਸਹਿਜ ਸਥਿਤੀ ਵਿਚ ਤੁਰੰਤ ਮਾਪਿਆਂ, ਅਧਿਆਪਕਾਂ ਜਾਂ ਸਬੰਧਿਤ ਅਧਿਕਾਰੀਆਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਅਤੇ ਸ਼ੰਕਿਆਂ ਦਾ ਮਾਹਿਰਾਂ ਨੇ ਤਸੱਲੀਬਖ਼ਸ਼ ਜਵਾਬ ਦੇ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਇੰਟਰਨੈੱਟ ਸਿੱਖਿਆ ਅਤੇ ਗਿਆਨ ਪ੍ਰਾਪਤੀ ਦਾ ਇਕ ਮਹੱਤਵਪੂਰਨ ਸਾਧਨ ਬਣ ਗਿਆ ਹੈ। ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਸਕੂਲ ਪ੍ਰਬੰਧਨ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਮਾਨਸਿਕ, ਸਰੀਰਕ ਅਤੇ ਡਿਜੀਟਲ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਬੰਧਨ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੀਲਮ ਅਰੋੜਾ, ਸਕੱਤਰ ਸਿਮਰਨ ਸਿੰਘ, ਮਾਹਿਰਾਂ ਦੀ ਟੀਮ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਇਸ ਮਹੱਤਵਪੂਰਨ ਅਤੇ ਗਿਆਨ ਵਰਧਕ ਸੈਮੀਨਾਰ ਦੇ ਆਯੋਜਨ ਲਈ ਧੰਨਵਾਦ ਕੀਤਾ।