ਸੰਦੌੜ, 13 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਦੇ ਐਸ.ਐੱਚ.ਓ ਤਰਸੇਮ ਚੰਦ ਨੇ ਉੱਚੀ ਆਵਾਜ਼ ਵਿਚ ਟਰੈਕਟਰਾਂ 'ਤੇ ਗਾਣੇ ਵਜਾਉਣ ਅਤੇ ਸਕੂਲ, ਕਾਲਜ ਵਿਚ ਛੁੱਟੀ ਵਾਲੇ ਸਮੇਂ ਆਵਾਰਾਗਰਦੀ ਕਰਨ ਵਾਲੀ ਮੁੰਡੀਰ ਨੂੰ ਸਖ਼ਤ ਤਾੜਨਾ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਦੌੜ ਪੁਲਿਸ ਵਲੋਂ ਅਜਿਹੇ ਅਨਸਰਾਂ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਜੋ ਕਿ ਆਮ ਲੋਕਾਂ ਲਈ ਸਿਰਦਰਦੀ ਬਣ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਗਗਨਅਜੀਤ ਸਿੰਘ ਦੀ ਅਗਵਾਈ ਹੇਠ ਸੰਦੌੜ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਲਗਾਤਾਰ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਪਾਰਟੀਆਂ ਵਲੋਂ ਦਿਨ ਅਤੇ ਰਾਤ ਵੇਲੇ ਥਾਣਾ ਸੰਦੌੜ ਅਧੀਨ ਪੈਂਦੇ ਪਿੰਡਾਂ ਵਿਚ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਕਾਰਵਾਈਆਂ ਦੇਖਣ ਤੇ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਸਮੇਂ ਸਿਰ ਪੁਲਿਸ ਵਲੋਂ ਅਜਿਹੇ ਅਨਸਰਾਂ ਖ਼ਿਲਾਫ਼ ਤੁਰੰਤ ਐਕਸ਼ਨ ਲਿਆ ਜਾ ਸਕੇ | ਉਨ੍ਹਾਂ ਯਕੀਨ ਦਿਵਾਇਆ ਕਿ ਪੁਲਿਸ ਵਲੋਂ ਥਾਣੇ ਆਪਣੇ ਕੰਮ ਨੂੰ ਲੈ ਕੇ ਆਏ ਹਰ ਵਿਅਕਤੀ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇਗਾ |