ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ) - ਕਾਂਗਰਸ ਦੇ ਦਲਿਤ ਵਿਰੋਧੀ ਵਤੀਰੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਸਥਾਨਕ ਕੋਠੀ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ | ਜ਼ਿਕਰ ਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਅਤੇ ਡਾ. ਅਨਵਰ ਭਸੌੜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਹੀ ਥੋੜ੍ਹੀ ਹੈ | ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ, ਉਨ੍ਹਾਂ ਦੀ ਦਲਿਤ ਵਿਰੋਧੀ ਮਾਨਸਿਕਤਾ ਲਗਾਤਾਰ ਸਾਹਮਣੇ ਆ ਰਹੀ ਹੈ | ਕਾਂਗਰਸ ਪਾਰਟੀ ਦੇ ਆਗੂ ਲਗਾਤਾਰ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਕਦੇ ਉਹ ਚੁਣੇ ਹੋਏ ਨੁਮਾਇੰਦਿਆਂ ਨੂੰ ਮੈਟੀਰੀਅਲ ਦੱਸਦੇ ਹਨ, ਕਦੇ ਬਾਜੇ ਵਾਲੇ ਅਤੇ ਕਦੇ ਰੰਗ ਭੇਦ ਟਿੱਪਣੀਆਂ ਕਰਦੇ ਹਨ | ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗ਼ਰੀਬ ਨੌਜਵਾਨਾਂ ਨੂੰ ਲਗਾਤਾਰ ਅੱਗੇ ਲਿਆਂਦਾ ਜਾ ਰਿਹਾ ਹੈ ਜੋ ਕਾਂਗਰਸ ਪਾਰਟੀ ਦੇ ਸਰਮਾਏਦਾਰ ਆਗੂਆਂ ਨੂੰ ਹਜ਼ਮ ਨਹੀਂ ਹੋ ਰਿਹਾ | ਉਨ੍ਹਾਂ ਦੀ ਮਾਨਸਿਕਤਾ ਦਲਿਤ ਭਾਈਚਾਰੇ ਨੂੰ ਗ਼ੁਲਾਮ ਬਣਾ ਕੇ ਰੱਖਣ ਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਨੂੰ ਉੱਚੇ ਅਹੁਦਿਆਂ ਉੱਤੇ ਬਿਠਾ ਦਿੱਤਾ ਹੈ | ਬੁਲਾਰਿਆਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੁਰੰਤ ਮਾਫ਼ੀ ਮੰਗਣ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਮਾਰਕੀਟ ਕਮੇਟੀ ਲਹਿਰਾ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਗੀਤੀ ਮਾਨ, ਪਾਰਟੀ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਘਰਾਚੋਂ, ਪਾਰਟੀ ਦੇ ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ, ਮਨਿੰਦਰ ਸਿੰਘ ਪ੍ਰਧਾਨ ਨਗਰ ਪੰਚਾਇਤ ਦਿੜ੍ਹਬਾ ਐਡਵੋਕੇਟ ਗੁਰਬਚਨ ਸਿੰਘ ਨਹਿਲ, ਹਰਿੰਦਰ ਬਾਵਾ, ਗੁਰਪ੍ਰੀਤ ਸਿੰਘ ਆਲੋਅਰਖ, ਚਰਨਜੀਤ ਚੰਨੀ, ਅਮਨ ਸੇਖੋਂ, ਤਰਸਪਾਲ ਸਿੰਘ ਰੂਪਾਹੇੜੀ ਬਲਾਕ ਸੰਮਤੀ ਮੈਂਬਰ, ਰਮਨਦੀਪ ਘਾਬਦਾਂ ਯੂਥ ਆਗੂ, ਸੁਖਬੀਰ ਸਿੰਘ ਹਰੀਪੁਰਾ, ਨਰੇਸ਼ ਖਰਾਣਾ, ਦਵਿੰਦਰ ਚੌਹਾਨ, ਬਲਕਾਰ ਸਿੰਘ, ਅਵਤਾਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ |